ਪੱਤਰ ਪ੍ਰੇਰਕ
ਯਮੁਨਾਨਗਰ, 30 ਅਪਰੈਲ
ਜ਼ਿਲ੍ਹਾ ਪੁਲੀਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਥਾਣਾ ਛੱਪਰ ਦੇ ਸਰਸਵਤੀ ਰੋਡ ’ਤੇ ਸਥਿਤ ਗੁਦਾਮ ਨੇੜਿਓਂ ਇਕ ਨੌਜਵਾਨ ਨੂੰ ਅਫੀਮ ਸਮੇਤ ਕਾਬੂ ਕੀਤਾ ਹੈ, ਜਿਸ ਦੀ ਕੀਮਤ ਕਰੀਬ 5 ਲੱਖ ਰੁਪਏ ਦੱਸੀ ਜਾ ਰਹੀ ਹੈ। ਮੁਲਜ਼ਮ ਦੀ ਪਛਾਣ ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੇ ਪਿੰਡ ਪੁੱਠੀ ਸਰਾਏ ਦੇ ਰਹਿਣ ਵਾਲੇ ਹੇਮੇਂਦਰ ਉਰਫ਼ ਨਿਤੇਸ਼ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ 5 ਦਿਨਾਂ ਦੇ ਰਿਮਾਂਡ ’ਤੇ ਲਿਆ ਗਿਆ ਹੈ। ਡੀਐਸਪੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਸਪੈਸ਼ਲ ਸੈੱਲ ਇੰਚਾਰਜ ਰਾਜੇਸ਼ ਰਾਣਾ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਥਾਣਾ ਛੱਪਰ ਸਰਸਵਤੀ ਰੋਡ ਸਥਿਤ ਗੈਸ ਗੁਦਾਮ ਨੇੜੇ ਇੱਕ ਨੌਜਵਾਨ ਨਸ਼ੀਲੇ ਪਦਾਰਥ ਵੇਚਣ ਦੀ ਕੋਸ਼ਿਸ਼ ਕਰ ਰਿਹਾ ਹੈ। ਟੀਮ ਨੇ ਮੌਕੇ ’ਤੇ ਪਹੁੰਚ ਕੇ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਹੋਈ।