ਨਿੱਜੀ ਪੱਤਰ ਪ੍ਰੇਰਕ
ਸਿਰਸਾ, 11 ਸਤੰਬਰ
ਸਰਕਾਰੀ ਕਰਮਚਾਰੀ ਦੇ ਦਰਜਾ ਤੇ ਹੋਰ ਮੰਗਾਂ ਲਈ ਮਿਨੀ ਸਕੱਤਰੇਤ ’ਚ ਧਰਨਾ ਦੇ ਰਹੀਆਂ ਆਸ਼ਾ ਵਰਕਰਾਂ ਨੇ ਅੱਜ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੀ ਕੋਠੀ ਦਾ ਘਿਰਾਓ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀ ਆਸ਼ਾ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਉਪ ਮੁੱਖ ਮੰਤਰੀ ਦੇ ਨਾਂ ਐੱਸਡੀਐੱਮ ਨੂੰ ਆਪਣਾ ਮੰਗ ਪੱਤਰ ਸੌਂਪਿਆ।
ਆਸ਼ਾ ਵਰਕਰਜ਼ ਯੂਨੀਅਨ ਨਾਲ ਜੁੜੀਆਂ ਵਰਕਰਾਂ ਮਿਨੀ ਸਕੱਤਰੇਤ ਦੇ ਬਾਹਰ ਇਕੱਠੀਆਂ ਹੋਈਆਂ ਜਿੱਥੋਂ ਪ੍ਰਦਰਸ਼ਨ ਕਰਦੀਆਂ ਹੋਈਆਂ, ਉਹ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੀ ਕੋਠੀ ਪੁੱਜੀਆਂ। ਇਸ ਮੌਕੇ ’ਤੇ ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਦਰਸ਼ਨ, ਸ਼ਿਮਲਾ ਝੌਂਪੜਾ, ਪਿੰਕੀ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ 2018 ਤੋਂ ਬਾਅਦ ਉਨ੍ਹਾਂ ਦੇ ਮਾਣ ਭੱਤੇ ਵਿੱਚ ਵਾਧਾ ਨਹੀਂ ਕੀਤਾ ਗਿਆ, ਸਗੋਂ ਕੰਮ ਵਿੱਚ ਪੰਜ ਗੁਣਾ ਵਾਧਾ ਕੀਤਾ ਗਿਆ ਹੈ। ਇਸ ਕਰ ਕੇ ਸਰਕਾਰ ਦੀ ਇਸ ਨੀਤੀ ਨੂੰ ਲੈ ਕੇ ਆਸ਼ਾ ਵਰਕਰਾਂ ਵਿੱਚ ਭਾਰੀ ਰੋਸ ਹੈ। ਇਸ ਦੌਰਾਨ ਇਕ ਆਸ਼ਾ ਵਰਕਰ ਨੂੰ ਆਪਣੀ ਜਾਨ ਤੱਕ ਗੁਆਉਣੀ ਪਈ ਹੈ। ਸੋਮਵਾਰ ਨੂੰ ਕਿਸਾਨਾਂ ਨੇ ਵੀ ਆਸ਼ਾ ਵਰਕਰਾਂ ਦੀ ਹੜਤਾਲ ਦਾ ਸਮਰਥਨ ਕੀਤਾ।