ਅਠਾਵਲੇ ਵੱਲੋਂ ਡੀ ਜੀ ਪੀ ਤੇ ਐੱਸ ਪੀ ਨੂੰ ਗ੍ਰਿਫ਼ਤਾਰ ਕਰਨ ਦੀ ਹਮਾਇਤ
ਕੇਂਦਰੀ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਅੱਜ ਮਰਹੂਮ ਏ ਡੀ ਜੀ ਪੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਹਰਿਆਣਾ ਦੇ ਡੀ ਜੀ ਪੀ ਤੇ ਐੱਸਪੀ ਨੂੰ ਫੌਰੀ ਤੌਰ ’ਤੇ ਗ੍ਰਿਫ਼ਤਾਰ ਕੀਤੇ ਜਾਣ ਦੀ ਹਮਾਇਤ ਕਰਦਿਆਂ ਖੁਦਕੁਸ਼ੀ ਪੱਤਰ ਵਿੱਚ ਸ਼ਾਮਲ ਹੋਰਨਾਂ ਵਿਅਕਤੀਆਂ ਵਿਰੁੱਧ ਵੀ ਬਣਦੀ ਕਾਰਵਾਈ ਕਰਨ ਦੀ ਅਪੀਲ ਕੀਤੀ।
ਅਠਾਵਲੇ ਨੇ ਪੀੜਤ ਪਰਿਵਾਰ ਨੂੰ ਵਾਈ ਪੂਰਨ ਕੁਮਾਰ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਪਰਿਵਾਰ ਡੀ ਜੀ ਪੀ ਸ਼ਤਰੂਜੀਤ ਕਪੂਰ ਅਤੇ ਰੋਹਤਕ ਦੇ ਤਤਕਾਲੀ ਐੱਸ ਪੀ ਰੋਹਤਕ ਨਰੇਂਦਰ ਬਿਜਰਾਨੀਆ ਦੀ ਗ੍ਰਿਫ਼ਤਾਰੀ ਤੱਕ ਪੋਸਟਮਾਰਟਮ ਨਾ ਕਰਵਾਉਣ ਲਈ ਅੜਿਆ ਹੋਇਆ ਹੈ। ਅਠਾਵਲੇ ਤੋਂ ਇਲਾਵਾ ਅੱਜ ਤਿਲੰਗਾਨਾ ਦੇ ਉਪ ਮੁੱਖ ਮੰਤਰੀ ਭੱਟੀ ਵਿਕਰਮ ਅਰਕਾ ਮਾਲੂ, ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ, ਹਰਭਜਨ ਸਿੰਘ ਈਟੀਓ, ਡਾ. ਰਵਜੋਤ ਸਿੰਘ ਸਣੇ ਕਈ ਹੋਰ ਸਿਆਸੀ ਤੇ ਸਮਾਜਿਕ ਆਗੂਆਂ ਨੇ ਵੀ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ।
ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਅਠਾਵਲੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਮਿਲੇ। ਅਠਾਵਲੇ ਨੇ ਸੈਣੀ ਨੂੰ ਮੁਲਜ਼ਮਾਂ ਵਿਰੁੱਧ ਬਣਦੀ ਕਾਰਵਾਈ ਕਰਨ ਲਈ ਕਿਹਾ ਹੈ। ਤਿਲੰਗਾਨਾ ਦੇ ਉਪ ਮੁੱਖ ਮੰਤਰੀ ਭੱਟੀ ਵਿਕਰਮ ਅਰਕਾ ਮਾਲੂ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਕਿਹਾ ਕਿ ਤਿਲੰਗਾਨਾ ਦੇ ਮੁੱਖ ਮੰਤਰੀ ਵੀ ਜਲਦ ਹੀ ਪੀੜਤ ਪਰਿਵਾਰ ਨਾਲ ਮੁਲਾਕਾਤ ਲਈ ਆਉਣਗੇ। ਇਸ ਤੋਂ ਇਲਾਵਾ ਅੱਜ ਹਰਿਆਣਾ ਦੇ ਰਾਜਪਾਲ ਆਸ਼ੀਨ ਘੋਸ਼ ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੀਟਿੰਗ ਕਰਕੇ ਮਾਮਲੇ ਦਾ ਠੋਸ ਹੱਲ ਲੱਭਣ ਲਈ ਚਰਚਾ ਕੀਤੀ।
ਇਸੇ ਦੌਰਾਨ ਚੰਡੀਗੜ੍ਹ ਪੁਲੀਸ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਇਸ ਮਾਮਲੇ ਸਬੰਧੀ ਰਿਪੋਰਟ ਪੇਸ਼ ਕੀਤੀ। ਪੁਲੀਸ ਨੇ ਕਿਹਾ ਕਿ ਵਾਈ ਪੂਰਨ ਕੁਮਾਰ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਗਠਿਤ ਸਿੱਟ ਮਾਮਲੇ ਦੀ ਜਾਂਚ ਕਰ ਰਹੀ ਹੈ। ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪੇਸ਼ ਕੀਤੀ ਰਿਪੋਰਟ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਚੰਡੀਗੜ੍ਹ ਪੁਲੀਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲਲਿਤਾ ਕੁਮਾਰੀ ਬਨਾਮ ਯੂ ਪੀ ਸਰਕਾਰ ਮਾਮਲੇ ਵਿੱਚ ਅਦਾਲਤ ਦੇ ਫ਼ੈਸਲੇ ਅਨੁਸਾਰ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਖੁਦਕੁਸ਼ੀ ਪੱਤਰ ਵਿੱਚ ਸ਼ਾਮਲ 14 ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਸ ਤੋਂ ਬਾਅਦ ਜਸਵੀਰ ਸਿੰਘ ਗੜ੍ਹੀ ਨੇ ਮਰਹੂਮ ਵਾਈ. ਪੂਰਨ ਕੁਮਾਰ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ।
ਰਾਹੁਲ ਗਾਂਧੀ ਅੱਜ ਕਰਨਗੇ ਪੀੜਤ ਪਰਿਵਾਰ ਨਾਲ ਮੁਲਾਕਾਤ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 14 ਅਕਤੂਬਰ ਨੂੰ ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਆਉਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ 14 ਅਕਤੂਬਰ ਨੂੰ ਸ਼ਾਮ 5.30 ਵਜੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨਗੇ, ਜਿਸ ਤੋਂ ਬਾਅਦ ਉਹ ਸ਼ਿਮਲਾ ਲਈ ਰਵਾਨਾ ਹੋਣਗੇ।