ਹਰਿਆਣਾ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਘਰ ਪਹੁੰਚੇ ਮੁੱਖ ਮੰਤਰੀ ਮਾਨ
‘ਆਪ’, ਕਾਂਗਰਸ ਤੇ ਭਾਜਪਾ ਦੇ ਆਗੂਆਂ ਨੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਾਮ ਸਮੇਂ ਹਰਿਆਣਾ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ ਹਨ। ਜਿਨ੍ਹਾਂ ਨੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਪਤਨੀ ਅਮਨੀਤ ਪੀ ਕੁਮਾਰ ਦੇ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਸ ਤੋਂ ਪਹਿਲਾਂ ‘ਆਪ’ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਰਣਦੀਪ ਸਿੰਘ ਹੁੱਡਾ ਅਤੇ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਸਣੇ ਹੋਰ ਕਈ ਸਿਆਸੀ ਤੇ ਪ੍ਰਸ਼ਾਸਨਿਕ ਆਗੂ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ ਸਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲੀਸ ਵੱਲੋਂ ਆਈਪੀਐੱਸ ਵਾਈ ਪੂਰਨ ਕੁਮਾਰ ਦਾ ਪੋਸਟਮਾਰਟਮ ਕਰਵਾਉਣ ਲਈ ਲਾਸ਼ ਨੂੰ ਸੈਕਟਰ-16 ਹਸਪਤਾਲ ਤੋਂ ਪੀਜੀਆਈ ਵਿੱਚ ਰੈਫ਼ਰ ਕਰ ਦਿੱਤਾ ਹੈ। ਜਿੱਥੇ ਡਾਕਟਰਾਂ ਵੱਲੋਂ ਪੋਸਟਮਾਰਟਮ ਦੀ ਸਾਰੀ ਤਿਆਰੀ ਕੀਤੀ ਗਈ ਸੀ ਪਰ ਪਰਿਵਾਰ ਦੀ ਸਹਿਮਤੀ ਨਾ ਮਿਲਣ ਕਰਕੇ ਅੱਜ ਪੰਜਵੇ ਦਿਨ ਵੀ ਪੋਸਟਮਾਰਟਮ ਨਹੀਂ ਕੀਤਾ ਗਿਆ ਹੈ। ਉੱਧਰ ਪੀੜਤ ਪਰਿਵਾਰ ਨੇ ਵਾਈ ਪੂਰਨ ਕੁਮਾਰ ਦੀ ਮ੍ਰਿਤਕ ਦੇਹ ਨੂੰ ਬਿਨਾਂ ਦੱਸੇ ਪੀਜੀਆਈ ਵਿੱਚ ਲਿਜਾਉਣ ’ਤੇ ਵੀ ਇਤਰਾਜ ਜਤਾਇਆ ਹੈ।