ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਜਾਗਰੂਕਤਾ ਸਮਾਗਮ
ਕਿਸਾਨਾਂ ਅਤੇ ਮਜ਼ਦੂਰਾਂ ਨੂੰ ਨਵੀਆਂ ਰੁਜ਼ਗਾਰ ਯੋਜਨਾਵਾਂ ਬਾਰੇ ਜਾਣੂ ਕਰਵਾਇਅਾ
ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਦਾਮਲਾ ਵੱਲੋਂ ਵਿਕਸਤ ਭਾਰਤ ਰੁਜ਼ਗਾਰ ਆਜੀਵਿਕਾ ਮਿਸ਼ਨ (ਗ੍ਰਾਮੀਣ) ਦੇ ਤਹਿਤ, ਕਿਸਾਨਾਂ ਅਤੇ ਪਿੰਡ ਵਾਸੀਆਂ ਲਈ ਜਾਗਰੂਕਤਾ ਪ੍ਰੋਗਰਾਮ ਪਿੰਡ ਹਾਫਿਜ਼ਪੁਰ ਭਾਂਡੀ ਅਤੇ ਨਗਲਾ ਜਾਗੀਰ ਵਿੱਚ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਪੇਂਡੂ ਖੇਤਰਾਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਨਵੀਆਂ ਰੁਜ਼ਗਾਰ ਯੋਜਨਾਵਾਂ ਬਾਰੇ ਜਾਣਕਾਰੀ ਦੇਣਾ ਅਤੇ ਵਿਕਸਤ ਭਾਰਤ 2047 ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਸੀ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੇਂਦਰ ਦੇ ਕੋਆਰਡੀਨੇਟਰ ਡਾ. ਸੰਦੀਪ ਰਾਵਲ ਨੇ ਦੱਸਿਆ ਕਿ ਪਹਿਲਾਂ, ਮਨਰੇਗਾ ਯੋਜਨਾ ਦੇ ਤਹਿਤ, ਪੇਂਡੂ ਖੇਤਰਾਂ ਵਿੱਚ ਭੂਮੀਹੀਣ ਕਿਸਾਨਾਂ ਅਤੇ ਮਜ਼ਦੂਰਾਂ ਨੂੰ 100 ਦਿਨਾਂ ਦਾ ਰੁਜ਼ਗਾਰ ਪ੍ਰਦਾਨ ਕੀਤਾ ਜਾਂਦਾ ਸੀ ਜੋ ਕਿ ਹੁਣ, ਵਿਕਸਤ ਭਾਰਤ- 2047 ਦੇ ਦ੍ਰਿਸ਼ਟੀਕੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਯੋਜਨਾ ਤਹਿਤ ਕਿਸਾਨਾਂ ਨੂੰ 125 ਦਿਨਾਂ ਦੇ ਰੁਜ਼ਗਾਰ ਦੀ ਗਾਰੰਟੀ ਹੈ। ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ, ਬਾਇਓਮੈਟ੍ਰਿਕ ਹਾਜ਼ਰੀ ਲਾਗੂ ਕੀਤੀ ਗਈ ਹੈ ਅਤੇ ਤਨਖਾਹ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ, ਜਿਸ ਨਾਲ ਵਿਚੋਲਿਆਂ ਦੀ ਭੂਮਿਕਾ ਖਤਮ ਹੋ ਜਾਵੇਗੀ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਣ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਵਿਗਿਆਨੀ ਡਾ. ਅਸਮਾ ਖਾਨ ਨੇ ਖਾਸ ਤੌਰ ’ਤੇ ਮਹਿਲਾ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਯੋਜਨਾ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹ ਯੋਜਨਾ ਪੇਂਡੂ ਔਰਤਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਅਤੇ ਉਨ੍ਹਾਂ ਦੀ ਆਰਥਿਕ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ ਜਦਕਿ ਮਿੱਟੀ ਵਿਗਿਆਨੀ ਡਾ. ਵਿਸ਼ਾਲ ਗੋਇਲ ਨੇ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੌਰਾਨ, ਸਿਖਲਾਈ ਸਹਾਇਕ ਡਾ. ਕਰਨ ਸੈਣੀ ਨੇ ਮਨੁੱਖੀ ਜੀਵਨ ਵਿੱਚ ਰਸਾਇਣ-ਮੁਕਤ ਸਬਜ਼ੀਆਂ ਦੀ ਮਹੱਤਤਾ ’ਤੇ ਚਾਨਣਾ ਪਾਇਆ ਅਤੇ ਲੋਕਾਂ ਨੂੰ ਘਰੇਲੂ ਬਗੀਚਿਆਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਘਰੇਲੂ ਬਗੀਚੇ ਨਾ ਸਿਰਫ਼ ਤਾਜ਼ੀਆਂ, ਪੌਸ਼ਟਿਕ ਅਤੇ ਸੁਰੱਖਿਅਤ ਸਬਜ਼ੀਆਂ ਪ੍ਰਦਾਨ ਕਰਦੇ ਹਨ, ਸਗੋਂ ਤਣਾਅ-ਮੁਕਤ, ਬਿਮਾਰੀ-ਮੁਕਤ ਅਤੇ ਸਿਹਤਮੰਦ ਜੀਵਨ ਸ਼ੈਲੀ ਵਿੱਚ ਵੀ ਯੋਗਦਾਨ ਪਾਉਂਦੇ ਹਨ। ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਲਗਭਗ 150 ਪ੍ਰਗਤੀਸ਼ੀਲ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

