ਵੱਖ-ਵੱਖ ਥਾਈਂ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਇਆ
ਸੰਗਤ ਨੇ ਗੁਰਦੁਆਰਿਅਾਂ ਵਿੱਚ ਮੱਥਾ ਟੇਕਿਆ; ਬਾਬੇ ਨਾਨਕ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼, ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਹਜ਼ੂਰੀ ਰਾਗੀ ਰਣਜੀਤ ਸਿੰਘ, ਮਲਕੀਤ ਸਿੰਘ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰੂਘਰ ਦੀ ਕਮੇਟੀ ਦੇ ਸਕੱਤਰ ਨੇ ਲੋਕਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਬਾਬੇ ਨਾਨਕ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਆ। ਉਨ੍ਹਾਂ ਲੋਕਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਤਿੰਨ ਉਪਦੇਸ਼ਾਂ, ਨਾਮ ਜਪੋ, ਵੰਡ ਛਕੋ ਤੇ ਕਿਰਤ ਕਰੋ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਚਾਰ ਉਦਾਸੀਆਂ ਦੀਆਂ ਸਾਖੀਆਂ ਸੁਣਾਈਆਂ।
ਜੀਂਦ (ਪੱਤਰ ਪ੍ਰੇਰਕ): ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਜੀਂਦ ਸ਼ਹਿਰ ਦੇ ਸਾਰੇ ਗੁਰਦੁਆਰਿਆਂ ਵਿੱਚ ਪ੍ਰਕਾਸ਼ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਤੇ ਦੀਵਾਨ ਸਜਾਏ ਗਏ। ਬੁਲਾਰੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਸ਼ਹਿਰ ਦੇ ਸਾਰੇ ਗੁਰਦੁਆਰਿਆਂ ਵਿੱਚ ਸੰਗਤ ਨੇ ਗੁਰੂ ਗ੍ਰੰਥ ਸਾਹਿਬ ਦੇ ਅੱਗੇ ਮੱਥਾ ਟੇਕਿਆ ਅਤੇ ਲੰਗਰ ਵਿਚ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਨੇ ਹਰ ਪ੍ਰਾਣੀ ਨੂੰ ਜਿਊਣ ਦੀ ਰਾਹ ਵਿਖਾਈ। ਉਨ੍ਹਾਂ ਦਾ ਤਿਆਗ, ਤਪ ਅਤੇ ਗਿਆਨ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਗੁਰਦੁਆਰਾ ਬੰਦਾ ਬਹਾਦੁਰ ਸਾਹਿਬ ਵਿੱਚ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਦੇ ਰਾਗੀ ਜੱਥੇ ਵੱਲੋਂ ਗੁਰਬਾਣੀ ਕੀਰਤਨ ਗਾਇਨ ਕੀਤਾ ਗਿਆ।
ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਆਦੇਸ਼ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ 556 ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਆਦੇਸ਼ ਦੇ ਪ੍ਰਬੰਧ ਨਿਰਦੇਸ਼ਕ ਡਾ. ਗੁਣਤਾਸ ਸਿੰਘ ਗਿੱਲ ਨੇ ਦਿੱਸਆ ਕਿ ਮੈਡੀਕਲ ਕਾਲਜ ਕੰਪਲੈਕਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦਾ ਸ਼ੁਭ ਅਰੰਭ ਕੀਤਾ ਗਿਆ ਸੀ ਜਿਸ ਦਾ ਭੋਗ ਪਾਇਆ ਗਿਆ। ਉਪਰੰਤ ਕਾਲਜ ਵਿਚ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿਚ ਪ੍ਰਸਿੱਧ ਰਾਗੀ ਭਾਈ ਜੋਗਿੰਦਰ ਸਿੰਘ ਰਿਆੜ ਲੁਧਿਆਣਾ ਵਾਲਿਆਂ ਨੂੰ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਕੀਤਾ।

