ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਅੰਦਰ ਚੱਲਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਹੁਣ ਪੜ੍ਹਾਈ ਦੇ ਘੰਟਿਆਂ ਦੌਰਾਨ ਰੀਲਾਂ ਜਾਂ ਵੀਡੀਓ ਬਣਾਉਣ ’ਤੇ ਮੁਕੰਮਲ ਰੋਕ ਲਾ ਦਿੱਤੀ ਗਈ ਹੈ। ਵਿਦਿਅਕ ਅਦਾਰਿਆਂ ਵਿੱਚ ਅਨੁਸ਼ਾਸਨ ਬਰਕਰਾਰ ਰੱਖਣ ਹਿੱਤ ਇਹ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਹੁਕਮਾਂ ਦੀ ਉਲੰਘਣਾ ਕਰਨ ’ਤੇ ਹੁਣ ਸਬੰਧਤ ਸਕੂਲ ਪ੍ਰਿੰਸੀਪਲ ਸਿਰ ਵੀ ਕਾਰਵਾਈ ਦੀ ਤਲਵਾਰ ਲਟਕ ਗਈ ਹੈ। ਫਰੀਦਾਬਾਦ ਦੇ ਜ਼ਿਲ੍ਹਾ ਪ੍ਰਾਇਮਰੀ ਸਿੱਖਿਆ ਅਧਿਕਾਰੀ ਬਸੰਤ ਕੁਮਾਰ ਨੇ ਸੋਸ਼ਲ ਮੀਡੀਆ ’ਤੇ ਕੁੱਝ ਵੀਡੀਓਜ਼ ਵਾਇਰਲ ਹੋਣ ਮਗਰੋਂ ਇਹ ਫੈਸਲਾ ਲਿਆ ਹੈ। ਪ੍ਰਸ਼ਾਸਨ ਮੁਤਾਬਕ ਇਹ ਕਦਮ ਸਕੂਲਾਂ ਦੀ ਮਰਿਆਦਾ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।
ਸਿੱਖਿਆ ਅਧਿਕਾਰੀ ਬਸੰਤ ਕੁਮਾਰ ਨੇ ਸਪੱਸ਼ਟ ਕੀਤਾ ਕਿ ਸਕੂਲਾਂ ਅੰਦਰ ਅਨੁਸ਼ਾਸਿਤ ਵਾਤਾਵਰਨ ਬਣਾਈ ਰੱਖਣ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਸਿਰ ਵੱਡੀ ਜ਼ਿੰਮੇਵਾਰੀ ਹੁੰਦੀ ਹੈ। ਵਿਦਿਅਕ ਮਿਆਰ ਬਰਕਰਾਰ ਰੱਖਣ ਲਈ ਇਹ ਅਹਿਮ ਪਹਿਲਕਦਮੀ ਹੈ। ਜੇਕਰ ਕੋਈ ਅਧਿਆਪਕ ਕਿਸੇ ਸੱਭਿਆਚਾਰਕ ਜਾਂ ਜਾਗਰੂਕਤਾ ਮੁਹਿੰਮ ਤਹਿਤ ਕੋਈ ਵੀਡੀਓ ਫਿਲਮਾਉਣਾ ਚਾਹੁੰਦਾ ਹੈ ਤਾਂ ਉਸ ਲਈ ਸਬੰਧਤ ਅਥਾਰਟੀ ਪਾਸੋਂ ਅਗਾਊਂ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਹਾਲ ਹੀ ਵਿੱਚ ਦੋ ਅਧਿਆਪਕਾਂ ਵੱਲੋਂ ਸਕੂਲ ਵਿੱਚ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਸ਼ੁੱਕਰਵਾਰ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀ ਦਫ਼ਤਰ ਦੀ ਇੱਕ ਕਮੇਟੀ ਨੇ ਇਨ੍ਹਾਂ ਅਧਿਆਪਕਾਂ ਪਾਸੋਂ ਪੁੱਛਗਿੱਛ ਕੀਤੀ ਅਤੇ ਦੋ ਦਿਨਾਂ ਅੰਦਰ ਲਿਖਤੀ ਸਪੱਸ਼ਟੀਕਰਨ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

