ਪੱਤਰ ਪ੍ਰੇਰਕ
ਫਰੀਦਾਬਾਦ, 12 ਅਕਤੂਬਰ
ਜ਼ਿਲ੍ਹਾ ਕੁਲੈਕਟਰ ਵਿਕਰਮ ਸਿੰਘ ਨੇ ਦੱਸਿਆ ਕਿ ਲੰਘੀ 10 ਤਰੀਕ ਤੋਂ 31 ਜਨਵਰੀ 2023 ਤੱਕ ਹਰ ਤਰ੍ਹਾਂ ਦੇ ਪਟਾਕਿਆਂ ਦੇ ਨਿਰਮਾਣ, ਵਿਕਰੀ ਤੇ ਵਰਤੋਂ ‘ਤੇ ਪਾਬੰਦੀ ਲਾਈ ਗਈ ਹੈ। ਇਸ ਤੋਂ ਇਲਾਵਾ ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ, ਫਰੀਦਾਬਾਦ/ਬੱਲਬਗੜ੍ਹ ਦੇ ਖੇਤਰੀ ਅਧਿਕਾਰੀਆਂ ਨੂੰ ਨਿਯਮਿਤ ਤੌਰ ‘ਤੇ ਹਵਾ ਦੀ ਗੁਣਵੱਤਾ ਦੀ ਨਿਗਰਾਨੀ ਕਰਨ ਤੇ ਸਬੰਧਤ ਵੈੱਬਸਾਈਟਾਂ ‘ਤੇ ਡਾਟਾ ਅਪਲੋਡ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਿਲ੍ਹਾ ਕੁਲੈਕਟਰ ਨੇ ਦੱਸਿਆ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਇਹ ਪਾਬੰਦੀ ਸੁਪਰੀਮ ਕੋਰਟ ਤੇ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨਜੀਟੀ) ਦੇ ਹੁਕਮਾਂ ਦੇ ਆਧਾਰ ’ਤੇ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਰੀਦਾਬਾਦ ਵਿੱਚ ਵੱਧ ਰਹੇ ਪ੍ਰਦੂਸ਼ਣ ਬਾਰੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪ੍ਰਦੂਸ਼ਣ ਸਿਹਤ ‘ਤੇ ਮਾੜਾ ਪ੍ਰਭਾਵ ਪਾ ਰਿਹਾ ਹੈ ਤੇ ਹੁਣ ਇਹ ਡਰਾਉਣੀ ਸਥਿਤੀ ਪੈਦਾ ਕਰ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਅਕਤੂਬਰ ਤੋਂ ਜਨਵਰੀ ਦੇ ਮਹੀਨਿਆਂ ਦੌਰਾਨ ਸੂਬੇ ਵਿੱਚ ਪ੍ਰਦੂਸ਼ਣ ਦਾ ਪੱਧਰ ਕਾਫੀ ਵੱਧ ਜਾਂਦਾ ਹੈ। ਪਟਾਕੇ ਚਲਾਉਣ ਨਾਲ ਪ੍ਰਦੂਸ਼ਣ ਦਾ ਪੱਧਰ ਪੀਐਮ 10 ਤੱਕ ਪਹੁੰਚ ਜਾਂਦਾ ਹੈ ਜੋ ਮਨੁੱਖੀ ਜੀਵਨ ਲਈ ਬੇਹੱਦ ਖ਼ਤਰਨਾਕ ਹੈ। ਇਸ ਲਈ ਲੋਕ ਹਿੱਤ ਵਿੱਚ ਜ਼ਿਲ੍ਹਾ ਫਰੀਦਾਬਾਦ ਵਿੱਚ ਪਟਾਕਿਆਂ ’ਤੇ ਪਾਬੰਦੀ ਲਗਾਈ ਗਈ ਹੈ। ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਇਸ ਹੁਕਮ ਨੂੰ ਲਾਗੂ ਕਰਨ ਲਈ ਛਾਪੇਮਾਰੀ ਕਰਨ ਅਤੇ ਇਸ ਦੀ ਰਿਪੋਰਟ ਰੋਜ਼ਾਨਾ ਦੇ ਆਧਾਰ ‘ਤੇ ਡੀਸੀ ਦਫ਼ਤਰ ਨੂੰ ਸੌਂਪਣ। ਇਸ ਆਦੇਸ਼ ਦੀ ਗੈਰ-ਪਾਲਣਾ/ਉਲੰਘਣ ਕਰਨ ‘ਤੇ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਕੁਲੈਕਟਰ ਨੇ ਕਿਹਾ ਕਿ ਪੁਲੀਸ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ, ਸਾਰੇ ਉਪ ਮੰਡਲ ਅਧਿਕਾਰੀ, ਤਹਿਸੀਲਦਾਰ ਤੇ ਮਿਉਂਸਪਲ ਕਮੇਟੀਆਂ ਸਣੇ ਹੋਰਨਾਂ ਵਿਭਾਗਾਂ ਵੱਲੋਂ ਇਹ ਹੁਕਮ ਲਾਗੂ ਕੀਤੇ ਜਾਣ।