ਸਰਬਜੋਤ ਸਿੰਘ ਦੁੱਗਲ
ਕੁਰੂਕਸ਼ੇਤਰ, 19 ਮਈ
ਸ੍ਰੀ ਗੁਰੂ ਤੇਗ ਬਹਾਦਰ ਬ੍ਰਿਗੇਡ ਦੀ ਮੁੱਖ ਸੇਵਾਦਾਰ ਬੀਬੀ ਅਨੁਰਾਧਾ ਭਾਰਗਵ ਐਡਵੋਕੇਟ ਅਤੇ ਧਾਰਮਿਕ ਸਲਾਹਕਾਰ ਗਿਆਨੀ ਤੇਜਪਾਲ ਸਿੰਘ ਨੇ ਮੰਗ ਕੀਤੀ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣੇ ਚਾਹੀਦੇ ਹਨ। ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਇੱਥੇ ਪਹੁੰਚੀ ਬੀਬੀ ਭਾਰਗਵ ਨੇ ਕਿਹਾ ਕਿ ਬੰਦੀ ਸਿੱਖਾਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਵੀ ਉਲੰਘਣਾ ਹੈ। ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਾਸਤੇ ਬਹੁਤ ਵਾਰ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਚੁੱਕੇ ਹਨ ਅਤੇ ਉਨ੍ਹਾਂ ਵਲੋਂ ਜੰਤਰ ਮੰਤਰ ’ਤੇ ਧਰਨਾ ਵੀ ਦਿੱਤਾ ਗਿਆ ਸੀ। ਬੀਬੀ ਅਨੁਰਾਧਾ ਭਾਰਗਵ ਨੇ ਦੱਸਿਆ ਕਿ ਉਹ ਜਲਦ ਹੀ ਸੁਪਰੀਮ ਕੋਰਟ ਵਿਚ ਬੰਦੀ ਸਿੱਖਾਂ ਦੀ ਰਿਹਾਈ ਲਈ ਇਕ ਪੀਆਈਐੱਲ ਵੀ ਪਾਉਣ ਜਾ ਰਹੇ ਹਨ। ਉਨ੍ਹਾਂ ਵੱਲੋਂ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਵੀ ਕੀਤੀ ਗਈ। ਇਸ ਮੁਲਾਕਾਤ ਵਿਚ ਬੀਬੀ ਭਾਰਗਵ ਨੇ ਮੰਗ ਕੀਤੀ ਕਿ ਇਕ ਵੱਖਰਾ ਖ਼ਾਲਸਾ ਐਜੂਕੇਸ਼ਨ ਬੋਰਡ ਸਥਾਪਤ ਕੀਤਾ ਜਾਵੇ ਤਾਂ ਕਿ ਵਿਦਿਆਰਥੀ ਮੁਗਲਾਂ ਦੇ ਇਤਿਹਾਸ ਦੀ ਬਜਾਏ ਸਿੱਖ ਇਤਿਹਾਸ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਇਤਿਹਾਸ ਦੀ ਪੂਰੀ ਜਾਣਕਾਰੀ ਨਾ ਹੋਣ ਕਾਰਨ ਅੱਜ ਦੇ ਬੱਚੇ ਧਰਮ ਤੋਂ ਦੂਰ ਜਾ ਰਹੇ ਹਨ। ਉਨ੍ਹਾਂ ਸ੍ਰੀ ਧਾਮੀ ਨੂੰ ਇਹ ਵੀ ਕਿਹਾ ਕਿ ਦੇਸ਼ ਵਿਚ ਖਾਲਸਾ ਯੂਨੀਵਰਸਿਟੀਆਂ ਸਥਾਪਤ ਕੀਤੀਆਂ ਜਾਣ, ਤਾਂ ਜੋ ਹਰ ਦੇਸ਼ ਵਾਸੀ ਨੂੰ ਸਿੱਖ ਗੁਰੂ ਸਾਹਿਬਾਨ ਅਤੇ ਸਿੱਖਾਂ ਦੇ ਗੌਰਵਮਈ ਇਤਿਹਾਸ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾ ਸਕੇ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਗਿਆਨੀ ਤੇਜਪਾਲ ਸਿੰਘ, ਅਮੀਰ ਸਿੰਘ, ਪਰਮਿੰਦਰ ਸਿੰਘ ਅਤੇ ਗੁਰਦੇਵ ਸਿੰਘ ਟਕਸਾਲੀ ਹਾਜਰ ਸਨ।