ਨਿੱਜੀ ਪੱਤਰ ਪ੍ਰੇਰਕ
ਸਿਰਸਾ, 11 ਮਾਰਚ
ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਕੀਤੀ ਜਾ ਰਹੀ ਤਬਦੀਲੀ ਦੇ ਵਿਰੋਧ ’ਚ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਨੇ ਪ੍ਰਸ਼ਾਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਕਿਸਾਨਾਂ ਨੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਮਿਨੀ ਸਕੱਤਰੇਤ ’ਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਣ ਆਏ ਯੂਨੀਅਨ ਦੇ ਆਗੂ ਹਰਵਿੰਦਰ ਸਿੰਘ, ਭਿੰਦਰ ਸਿੰਘ ਨੰਬਰਦਾਰ ਆਦਿ ਸਮੇਤ ਹੋਰਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟਰ ਬੋਰਡ ’ਚ ਤਬਦੀਲੀ ਕੀਤੀ ਜਾ ਰਹੀ ਹੈ। ਪੰਜਾਬ ਤੇ ਹਰਿਆਣਾ ਦੀ ਥਾਂ ’ਤੇ ਹੋਰਾਂ ਸੂਬਿਆਂ ਤੋਂ ਨੁਮਾਇੰਦੇ ਲਾਏ ਜਾਣ ਦੀ ਤਜਵੀਜ਼ ਹੈ। ਇਸ ਨਾਲ ਜਿੱਥੇ ਪੰਜਾਬ ਤੇ ਹਰਿਆਣਾ ਦੇ ਹਿੱਤਾਂ ਦਾ ਘਾਣ ਹੋਵੇਗਾ ਉੱਥੇ ਹੀ ਰਾਜਸਥਾਨ ਵੀ ਪ੍ਰਭਾਵਿਤ ਹੋਵੇਗਾ। ਉਨ੍ਹਾਂ ਨੇ ਮੰਗ ਕੀਤੀ ਕਿ ਮੈਨੇਜਮੈਂਟ ਬੋਰਡ ’ਚ ਕਿਸੇ ਤਰ੍ਹਾਂ ਦੀ ਕੋਈ ਤਬਦੀਲੀ ਨਾ ਕੀਤੀ ਜਾਵੇ ਤੇ ਪਹਿਲਾਂ ਦੀ ਤਰ੍ਹਾਂ ਪੰਜਾਬ ਤੇ ਹਰਿਆਣਾ ਦੀ ਨੁਮਾਇੰਦਗੀ ਬਹਾਲ ਕੀਤੀ ਜਾਵੇ। ਕਿਸਾਨਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੀਬੀਐੱਮਬੀ ’ਚ ਕੀਤੀ ਕਿਸੇ ਵੀ ਤਬਦੀਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।