ਨਿੱਜੀ ਪੱਤਰ ਪ੍ਰੇਰਕ
ਸਿਰਸਾ, 25 ਜਨਵਰੀ
ਡੇਰਾ ਸਿਰਸਾ ਦੇ ਦੂਜੇ ਗੱਦੀਨਸ਼ੀਨ ਸ਼ਾਹ ਸਤਨਾਮ ਦੇ ਜਨਮ ਦਿਨ ਮੌਕੇ ਡੇਰੇ ਵਿੱਚ ਅੱਜ ਵੱਡਾ ਇਕੱਠ ਹੋਇਆ। ਇਸ ਮੌਕੇ ਡੇਰਾ ਪ੍ਰੇਮੀਆਂ ਤੋਂ ਇਲਾਵਾ ਪੰਜਾਬ ਦੇ ਕਈ ਸਿਆਸੀ ਆਗੂਆਂ ਨੇ ਵੀ ਆਪਣੀ ਹਾਜ਼ਰੀ ਲਗਵਾਈ।
ਸਮਾਗਮ ਦੌਰਾਨ ਡੇਰੇ ਦੀ ਨਾਮ ਚਰਚਾ ਹੋਈ ਤੇ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਦਾ ਸੰਦੇਸ਼ ਪੜ੍ਹਿਆ ਗਿਆ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਦੇ ਜੇਲ੍ਹ ਜਾਣ ਮਗਰੋਂ ਡੇਰੇ ’ਚ ਮੁੜ ਤੋਂ ਵੱਡੇ ਇਕੱਠ ਹੋਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਇਕੱਠਾਂ ਵਿੱਚ ਜਿੱਥੇ ਡੇਰੇ ਵੱਲੋਂ ਸਮਾਜ ਭਲਾਈ ਦੇ ਕੀਤੇ ਜਾ ਰਹੇ ਕੰਮਾਂ ਨੂੰ ਜਾਰੀ ਰੱਖਣ ਦਾ ਅਹਿਦ ਲਿਆ ਜਾ ਰਿਹਾ ਹੈ ਉਥੇ ਪ੍ਰੇਮੀਆਂ ਨੂੰ ਇਕਜੁੱਟ ਰਹਿਣ ਦੀ ਵੀ ਅਪੀਲ ਕੀਤੀ ਜਾਂਦੀ ਹੈ। ਸਿਆਸੀ ਮਾਹਰਾਂ ਵੱਲੋਂ ਇਨ੍ਹਾਂ ਇਕੱਠਾਂ ਨੂੰ ਪੰਜਾਬ ਤੇ ਹੋਰ ਸੂਬਿਆਂ ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਵੀ ਜੋੜ ਕੇ ਵੇਖਿਆ ਜਾ ਰਿਹਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਡੇਰੇ ਵੱਲੋਂ ਬਾਕਾਇਦਾ ਇੱਕ ਸਿਆਸੀ ਵਿੰਗ ਸਥਾਪਤ ਕੀਤਾ ਹੋਇਆ ਹੈ, ਜਿਹੜਾ ਸਮੇਂ ਸਮੇਂ ’ਤੇ ਅਹਿਮ ਫੈ਼ਸਲੇ ਲੈਂਦਾ ਰਿਹਾ ਹੈ। ਮਾਹਰਾਂ ਦਾ ਕਹਿਣਾ ਹੈ ਕਿ ਡੇਰੇ ਦਾ ਪੰਜਾਬ ਦੇ ਮਾਲਵਾ ਖੇਤਰ ਵਿੱਚ ਕਾਫੀ ਪ੍ਰਭਾਵ ਹੈ, ਜੋ ਚੋਣਾਂ ਨੂੰ ਪ੍ਰਭਾਵਿਤ ਵੀ ਕਰਦਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਇਹ ਪਹਿਲੀਆਂ ਚੋਣਾਂ ਹਨ, ਜੋ ਡੇਰਾ ਮੁਖੀ ਦੇ ਜੇਲ੍ਹ ਜਾਣ ਮਗਰੋਂ ਹੋ ਰਹੀਆਂ ਹਨ।