BJP Protest: ਭਾਜਪਾ ਨੇ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ
ਮਹਿਲਾ ਪੁਲੀਸ ਮੁਲਾਜ਼ਮਾਂ ਨਾਲ ਦੁਰਵਿਹਾਰ ਦਾ ਦੋਸ਼; ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਜੋੜਾ ਦੀ ਅਗਵਾਈ ਹੇਠ ਭਾਜਪਾ ਕਾਰਕੁਨਾਂ ਨੇ ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦਾ ਪੁਤਲਾ ਫੂਕਿਆ। ਇਹ ਪ੍ਰਦਰਸ਼ਨ ਕਾਂਗਰਸ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੌਰਾਨ ਮਹਿਲਾ ਪੁਲੀਸ ਮੁਲਾਜ਼ਮਾਂ ਨਾਲ ਕਥਿਤ ਤੌਰ ’ਤੇ ਕੀਤੇ ਗਏ ਦੁਰਵਿਹਾਰ ਦੇ ਮਾਮਲੇ ਨੂੰ ਲੈ ਕੇ ਕੀਤਾ ਗਿਆ। ਇਸ ਮੌਕੇ ਭਾਜਪਾ ਕਾਰਕੁਨਾਂ ਨੇ ਕਾਂਗਰਸ ਦੀ ਕਾਰਗੁਜ਼ਾਰੀ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਜੋੜਾ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਰਾਜਨੀਤਿਕ ਪਾਰਟੀ ਨੂੰ ਆਪਣੀਆਂ ਮੰਗਾਂ ਦੇ ਹੱਕ ਵਿੱਚ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਅਧਿਕਾਰ ਪ੍ਰਾਪਤ ਹੈ ਪਰ ਇਸ ਅਧਿਕਾਰ ਦੀ ਵਰਤੋਂ ਕਰਦਿਆਂ ਕਾਨੂੰਨ ਅਤੇ ਵਿਵਸਥਾ ਦਾ ਸਤਿਕਾਰ ਕਰਨਾ ਵੀ ਹਰੇਕ ਨਾਗਰਿਕ ਅਤੇ ਰਾਜਨੀਤਿਕ ਜਥੇਬੰਦੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਡਿਊਟੀ ਨਿਭਾ ਰਹੀਆਂ ਮਹਿਲਾ ਪੁਲੀਸ ਮੁਲਾਜ਼ਮਾਂ ਨਾਲ ਕਥਿਤ ਦੁਰਵਿਹਾਰ ਕਰਨਾ ਕਿਸੇ ਵੀ ਹਾਲਤ ਵਿੱਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਪ੍ਰਵੀਨ ਜੋੜਾ ਨੇ ਦੋਸ਼ ਲਾਇਆ ਕਿ ਕਾਂਗਰਸ ਦੇ ਪ੍ਰਦਰਸ਼ਨ ਦੌਰਾਨ ਮਹਿਲਾ ਪੁਲੀਸ ਮੁਲਾਜ਼ਮਾਂ ਨਾਲ ਕੀਤੇ ਗਏ ਕਥਿਤ ਦੁਰਵਿਹਾਰ ਨੇ ਲੋਕਤੰਤਰੀ ਮਰਿਆਦਾਵਾਂ ਅਤੇ ਮਹਿਲਾਵਾਂ ਦੇ ਸਨਮਾਨ ਬਾਰੇ ਕਾਂਗਰਸ ਦੀ ਸੋਚ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਮੰਗ ਕੀਤੀ ਕਿ ਰਾਹੁਲ ਗਾਂਧੀ ਨੂੰ ਇਸ ਮਾਮਲੇ ਵਿੱਚ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਅਤੇ ਦੇਸ਼ ਦੀਆਂ ਮਹਿਲਾਵਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਰਾਹੁਲ ਗਾਂਧੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਜੇ ਕਿਸੇ ਪ੍ਰਦਰਸ਼ਨ ਦੌਰਾਨ ਨਿਯਮਾਂ ਦੀ ਉਲੰਘਣਾ ਜਾਂ ਕਿਸੇ ਮੁਲਾਜ਼ਮ ਨਾਲ ਦੁਰਵਿਹਾਰ ਹੋਣ ਦੇ ਦੋਸ਼ ਸਾਹਮਣੇ ਆਉਂਦੇ ਹਨ, ਤਾਂ ਉਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਤੰਤਰ ਅਤੇ ਸੰਵਿਧਾਨਕ ਅਧਿਕਾਰਾਂ ਦੀ ਗੱਲ ਕਰਦੀ ਹੈ, ਇਸ ਲਈ ਪਾਰਟੀ ਨੂੰ ਆਪਣੇ ਆਗੂਆਂ ਅਤੇ ਕਾਰਕੁਨਾਂ ਨੂੰ ਵੀ ਲੋਕਤੰਤਰੀ ਮਰਿਆਦਾਵਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਪ੍ਰਦਰਸ਼ਨ ਦੌਰਾਨ ਭਾਜਪਾ ਕਾਰਕੁਨਾਂ ਨੇ ਕਾਂਗਰਸ ਲੀਡਰਸ਼ਿਪ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਰਾਹੁਲ ਗਾਂਧੀ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟਾਇਆ। ਕਾਰਕੁਨਾਂ ਨੇ ਮੰਗ ਕੀਤੀ ਕਿ ਮਹਿਲਾ ਪੁਲੀਸ ਮੁਲਾਜ਼ਮਾਂ ਨਾਲ ਕਥਿਤ ਦੁਰਵਿਹਾਰ ਦੇ ਮਾਮਲੇ ਦੀ ਜਾਂਚ ਕਰਵਾਈ ਜਾਵੇ ਅਤੇ ਸਬੰਧਤ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਜਗਦੀਸ਼ ਰਾਏ ਸ਼ਰਮਾ, ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਡਾ. ਸੁਮਨ ਬਜਾਜ, ਸੰਜੇ ਸਿੰਗਲਾ, ਡਾ. ਰਣਜੀਤ ਓਡ, ਮਨ ਕੀ ਬਾਤ ਦੇ ਪ੍ਰਮੁੱਖ ਵਿਕਰਮ ਸ਼ਰਮਾ, ਬਨਵਾਰੀ ਲਾਲ ਗਹਿਲੋਤ, ਆਰਿਅਨ ਗਰੋਵਰ, ਅੰਮ੍ਰਿਤਪਾਲ ਖੁੰਬਰ, ਵਿਕਾਸ ਸ਼ਰਮਾ, ਵਿਜੇ ਜਾਂਗੜਾ, ਨੀਲਾਂਸ਼ੀ ਸ਼ਰਮਾ, ਪੂਨਮ ਸਿੰਗਲਾ, ਮਨੋਜ ਨਾਰੰਗ, ਰਮੇਸ਼ ਜੋਈਆ, ਭੂਪ ਸਿਗੜ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਕੰਵਲ ਚੌਧਰੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਕਾਰਕੁਨ ਹਾਜ਼ਰ ਸਨ।

