ਪੰਜਾਬ ਵਿੱਚ BJP ਸਰਕਾਰ ਬਣਾਏਗੀ ਅਤੇ ਸਾਰੀਆਂ ਫ਼ਸਲਾਂ ਦੀ MSP 'ਤੇ ਖ਼ਰੀਦ ਕਰੇਗੀ: ਨਾਇਬ ਸੈਣੀ
ਸੈਣੀ ਨੇ 'ਆਪ' ਸਰਕਾਰ ਉੱਤੇ ਸੇਧਿਆ ਨਿਸ਼ਾਨਾ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ਬਣਨ 'ਤੇ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਦੀ ਖ਼ਰੀਦ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) 'ਤੇ ਕੀਤੀ ਜਾਵੇਗੀ।
ਸੈਣੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਦੇਸ਼ ਵਿਆਪੀ 'ਨਸ਼ਾ ਮੁਕਤ ਯੁਵਾ ਫ਼ੋਰ ਵਿਕਸਿਤ ਭਾਰਤ ਸੰਕਲਪ ਅਭਿਆਨ' ਤਹਿਤ ਪੰਜਾਬ ਦੇ ਕੋਟਕਪੂਰਾ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਏਗੀ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਜਪਾ ਹਰਿਆਣਾ ਦੀ ਤਰਜ਼ 'ਤੇ ਪੰਜਾਬ ਦੇ ਕਿਸਾਨਾਂ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਦਾ ਕੰਮ ਕਰੇਗੀ।
ਸੈਣੀ ਨੇ ਕਿਹਾ ਕਿ 2024 ਦੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਸਾਰੀਆਂ ਫ਼ਸਲਾਂ ਦੀ ਐੱਮ ਐੱਸ ਪੀ 'ਤੇ ਖ਼ਰੀਦ ਕਰਨ ਦਾ ਵਾਅਦਾ ਕੀਤਾ ਸੀ, ਜਿਸ ਨੂੰ ਸਰਕਾਰ ਬਣਨ ਤੋਂ ਬਾਅਦ ਪੂਰਾ ਕੀਤਾ ਗਿਆ।
ਉਨ੍ਹਾਂ ਕਿਹਾ, "ਜਦੋਂ ਪੰਜਾਬ ਵਿੱਚ ਸਾਡੀ ਸਰਕਾਰ ਬਣੇਗੀ ਤਾਂ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਦੀ ਐੱਮ ਐੱਸ ਪੀ 'ਤੇ ਖ਼ਰੀਦ ਕੀਤੀ ਜਾਵੇਗੀ।"
ਸੈਣੀ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਸ ਨੇ ਨਸ਼ੇ ਦੇ ਕਾਰੋਬਾਰ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਇਹ ਸਮੱਸਿਆ ਹੋਰ ਵਧ ਗਈ ਹੈ।
ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਆਦਤ ਸਿਰਫ਼ ਵਿਅਕਤੀ ਜਾਂ ਉਸ ਦੇ ਪਰਿਵਾਰ ਨੂੰ ਹੀ ਨਹੀਂ, ਸਗੋਂ ਪੂਰੇ ਸਮਾਜ ਨੂੰ ਕਮਜ਼ੋਰ ਕਰਦੀ ਹੈ।

