ਸਤਪਾਲ ਰਾਮਗੜ੍ਹੀਆ
ਪਿਹੋਵਾ, 20 ਅਪਰੈਲ
ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲੇ ਮੰਤਰੀ ਸੰਦੀਪ ਸਿੰਘ ਨੇ ਨਗਰ ਨਿਗਮ ਚੋਣਾਂ ਸਬੰਧੀ ਇੱਕ ਨਿੱਜੀ ਪੈਲੇਸ ਵਿੱਚ ਵਰਕਰਾਂ ਦੀ ਮੀਟਿੰਗ ਕੀਤੀ। ਮੀਟਿੰਗ ਵਿੱਚ ਵਿਧਾਇਕ ਵਿਨੋਦ ਭਿਆਣਾ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਪਿਹੋਵਾ ਖੇਤਰ ਦੇ ਵਿਕਾਸ ਲਈ 200 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦਿੱਤੀ ਹੈ। ਕਰੋਨਾ ਅਤੇ ਕਿਸਾਨ ਅੰਦੋਲਨ ਦੀਆਂ ਰੁਕਾਵਟਾਂ ਤੋਂ ਬਾਅਦ ਹੁਣ ਵਿਕਾਸ ਕਾਰਜ ਤੇਜ਼ ਕੀਤੇ ਜਾਣਗੇ। ਵਿਧਾਇਕ ਵਿਨੋਦ ਭਿਆਣਾ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਹਰ ਵਰਕਰ ਨੂੰ ਸਖ਼ਤ ਮਿਹਨਤ ਕਰਨੀ ਪਵੇਗੀ। ਹਰ ਕਿਸੇ ਨੂੰ ਮੱਛੀ ਦੀ ਅੱਖ ਵਾਂਗ ਸਿਰਫ ਚੋਣ ਜਿੱਤਣ ਦਾ ਟੀਚਾ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਹਰ ਵਰਕਰ ਮਿਹਨਤੀ ਹੈ ਅਤੇ ਜਲਦੀ ਹੀ ਜਿੱਤ ਦਾ ਇਹ ਟੀਚਾ ਹਾਸਲ ਕਰ ਲਿਆ ਜਾਵੇਗਾ।
ਉਥੇ ਹੀ ਉਨ੍ਹਾਂ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ’ਤੇ 24 ਅਪਰੈਲ ਨੂੰ ਪਾਨੀਪਤ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ| ਜਿਸ ਵਿੱਚ ਦੇਸ਼ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ਼ਮੂਲੀਅਤ ਕਰਨਗੀਆਂ। ਮੁੱਖ ਮੰਤਰੀ ਮਨੋਹਰ ਲਾਲ ਨੇ ਸਮਾਗਮ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਅਤੇ ਸਾਰੇ ਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਗੈਰ-ਸਿਆਸੀ ਹੋਵੇਗਾ। ਖੇਡ ਮੰਤਰੀ ਸੰਦੀਪ ਸਿੰਘ ਸਮਾਗਮ ਦੀਆਂ ਤਿਆਰੀਆਂ ਸਬੰਧੀ ਸ਼ਹਿਰ ਵਾਸੀਆਂ ਦੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ।