ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਪ੍ਰੋਗਰਾਮ ਅਧਿਕਾਰੀ ਬਲਜੀਤ ਕੌਰ ਨੇ ਸ਼ਾਹਬਾਦ ਵਿੱਚ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ਅਤੇ ਰੋਜ਼ਾਨਾ ਕਸਰਤ ਤੇ ਯੋਗ ਕਰਨਾ ਚਾਹੀਦਾ ਹੈ।
ਇਸ ਤੋਂ ਇਲਾਵਾ ਔਰਤਾਂ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਖੇਡ ਮੁਕਾਬਲੇ ਵਿੱਚ ਔਰਤਾਂ ਨੇ ਸਾਈਕਲ ਰੇਸ, ਡਿਸਕਸ ਥ੍ਰੋਅ, 100 ਤੇ 400 ਮੀਟਰ ਦੌੜਾਂ ਸਣੇ ਅਤੇ ਹੋਰ ਮੁਕਾਬਲਿਆਂ ਵਿੱਚ ਹਿੱਸਾ ਲਿਆ। ਔਰਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਵਿਭਾਗ ਸਮੇਂ ਸਮੇਂ ’ਤੇ ਸਰਕਾਰੀ ਆਦੇਸ਼ਾਂ ਅਨੁਸਾਰ ਖੇਡਾਂ ਤੇ ਹੋਰ ਕਈ ਗਤੀਵਿਧੀਆਂ ਕਰਵਾਉਂਦਾ ਹੈ।
ਇਹ ਸਮਾਗਮ ਔਰਤਾਂ ਦੀ ਪ੍ਰਤਿਭਾ ਨਿਖਾਰਨ ਲਈ ਮੰਚ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਨਾ ਦੀ ਅਗਵਾਈ ਹੇਠ ਵਿਭਾਗ ਪੇਂਡੂ ਔਰਤਾਂ ਦੀ ਛੁਪੀ ਪ੍ਰਤਿਭਾ ਨੂੰ ਉਭਾਰਨ ਲਈ ਬਲਾਕ ਪੱਧਰੀ ਪੇਂਡੂ ਖੇਡ ਮੁਕਾਬਲੇ ਕਰਵਾ ਰਿਹਾ ਹੈ। ਇਨ੍ਹਾਂ ਮੁਕਬਲਿਆਂ ਵਿੱਚ ਜੇਤੂਆਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣੀ ਚਾਹੀਦੀ ਹੈ। ਇਸ ਦੌਰਾਨ ਹਾਜ਼ਰ ਹੋਰ ਅਧਿਕਾਰੀਆਂ ਵੱਲੋਂ ਔਰਤਾਂ ਨੂੰ ਸਿਹਤ ਤੇ ਖੁਰਾਕ ਸਬੰਧੀ ਵੀ ਸੁਝਾਅ ਦਿੱਤੇ ਗਏ।

