ਕੈਬਨਿਟ ਮੰਤਰੀ ਵੱਲੋਂ ਪੱਤਰਕਾਰਾਂ ਦੀਆਂ ਮੰਗਾਂ ਦੇ ਹੱਲ ਦਾ ਭਰੋਸਾ
ਮੀਡੀਆ ਵੈੱਲਬੀਂਗ ਐਸੋਸੀਏਸ਼ਨ ਦੀ ਅਗਵਾਈ ਹੇਠ ਯਮੁਨਾਨਗਰ ਵਿੱਚ ਸੀਨੀਅਰ ਪੱਤਰਕਾਰ ਸੁਰੇਂਦਰ ਮਹਿਤਾ ਦੇ ਨਿਵਾਸ ਸਥਾਨ ’ਤੇ ਇੱਕ ਸਮਾਗਮ ਕੀਤਾ ਗਿਆ, ਜਿਸ ਵਿੱਚ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਕ੍ਰਿਸ਼ਨਾ ਕੁਮਾਰ ਬੇਦੀ ਨੇ ਪੱਤਰਕਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ।
ਸਮਾਗਮ ਵਿੱਚ ਮੀਡੀਆ ਵੈੱਲਬੀਂਗ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਚੰਦਰਸ਼ੇਖਰ ਧਰਨੀ, ਉਪ ਪ੍ਰਧਾਨ ਨਰੇਸ਼ ਉੱਪਲ, ਜਨਰਲ ਸਕੱਤਰ ਸੁਰੇਂਦਰ ਮਹਿਤਾ, ਉੱਤਰੀ ਹਰਿਆਣਾ ਦੇ ਜਨਰਲ ਸਕੱਤਰ ਮੇਵਾ ਸਿੰਘ ਰਾਣਾ, ਪਵਨ ਚੋਪੜਾ ਅਤੇ ਵੱਡੀ ਗਿਣਤੀ ਵਿੱਚ ਪੱਤਰਕਾਰ ਮੌਜੂਦ ਸਨ। ਕੈਬਨਿਟ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਮੀਡੀਆ ਵੈੱਲਬੀਂਗ ਐਸੋਸੀਏਸ਼ਨ ਦੇ ਕੰਮਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਸੰਸਥਾ ਪੱਤਰਕਾਰਾਂ ਦੇ ਹਿੱਤਾਂ ਲਈ ਕਈ ਸਾਲਾਂ ਤੋਂ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰੀ ਲੋਕਤੰਤਰ ਦਾ ਚੌਥਾ ਥੰਮ੍ਹ ਹੈ, ਜੋ ਸਮਾਜ ਦੀ ਸੱਚਾਈ ਨੂੰ ਉਜਾਗਰ ਕਰਦਾ ਹੈ ਅਤੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਪੱਤਰਕਾਰਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ। ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਯਮੁਨਾਨਗਰ ਦੇ ਤਿੰਨ ਪੱਤਰਕਾਰਾਂ ਅਰਵਿੰਦ ਸ਼ਰਮਾ ਨੂੰ 51 ਹਜ਼ਾਰ ਰੁਪਏ, ਪ੍ਰਦੀਪ ਸ਼ਰਮਾ ਨੂੰ 31 ਹਜ਼ਾਰ ਰੁਪਏ ਅਤੇ ਵਿਜੇ ਸ਼ਰਮਾ ਨੂੰ 31 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਸਰਕਾਰ ਪੱਤਰਕਾਰਾਂ ਦੇ ਵਿਕਾਸ ਅਤੇ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕਦੀ ਰਹੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਪਹਿਲੇ ਸ਼ਾਸਨ ਦੌਰਾਨ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਪੱਤਰਕਾਰਾਂ ਨੂੰ ਪੈਨਸ਼ਨ ਦੇਣ ਦੀ ਇਤਿਹਾਸਕ ਪਹਿਲ ਸ਼ੁਰੂ ਕੀਤੀ ਸੀ। ਜਿਸ ਤਹਿਤ ਮਨੋਹਰ ਲਾਲ ਸਰਕਾਰ ਵੱਲੋਂ ਪਹਿਲਾਂ 10 ਹਜ਼ਾਰ ਪ੍ਰਤੀ ਮਹੀਨਾ, ਫਿਰ 15 ਹਜ਼ਾਰ ਅਤੇ 5 ਲੱਖ ਤੋਂ 10 ਲੱਖ ਰੁਪਏ ਦੀ ਬੀਮਾ ਰਾਸ਼ੀ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਪੱਤਰਕਾਰਾਂ ਨੂੰ ਭਰੋਸਾ ਦਿੱਤਾ ਕਿ ਉਹ ਮੀਡੀਆ ਵੈੱਲਬੀਂਗ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੁਲਾਕਾਤ ਕਰਵਾਉਣਗੇ ਅਤੇ ਪੱਤਰਕਾਰਾਂ ਦੀਆਂ ਮੰਗਾਂ ਪ੍ਰਤੀ ਜ਼ੋਰਦਾਰ ਵਕਾਲਤ ਕਰਨਗੇ।