ਪੱਤਰ ਪ੍ਰੇਰਕ
ਫਰੀਦਾਬਾਦ, 27 ਫਰਵਰੀ
ਸ਼ਹੀਦ ਚੰਦਰਸ਼ੇਖਰ ਆਜ਼ਾਦ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਮੂਲਚੰਦ ਸ਼ਰਮਾ ਨੇ ਕੀਤਾ। ਉਹ ਅੱਜ ਸਥਾਨਕ ਸੈਕਟਰ-2 ਵਿੱਚ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਮੌਕੇ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਦੇ ਬੁੱਤ ‘ਤੇ ਫੁੱਲ ਭੇਟ ਕਰਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ|
ਸ਼ਹੀਦੀ ਪਾਰਕ ਤੋਂ ਭਾਜਪਾ ਕਿਸਾਨ ਮੋਰਚਾ ਵੱਲੋਂ ਲਿਆਂਦੀ ਪਵਿੱਤਰ ਮਿੱਟੀ ਨਾਲ ਤਿਲਕ ਲਗਾ ਕੇ ਕੈਬਨਿਟ ਮੰਤਰੀ ਮੂਲਚੰਦ ਸ਼ਰਮਾ ਵੱਲੋਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਵੀ ਚੰਦਰਸ਼ੇਖਰ ਦੇ ਉਸ ਪਿੰਡ ਜ਼ਰੂਰ ਜਾਣਗੇ, ਜਿਸ ਪਿੰਡ ਵਿੱਚ ਉਨ੍ਹਾਂ ਨੇ ਜਨਮ ਲਿਆ ਸੀ। ਕੈਬਨਿਟ ਮੰਤਰੀ ਨੇ ਬੱਲਬਗੜ੍ਹ ਵਿੱਚ ਸ਼ਹੀਦ ਚੰਦਰਸ਼ੇਖਰ ਦਾ ਵੱਡਾ ਬੁੱਤ ਲਗਾਉਣ ਦਾ ਐਲਾਨ ਵੀ ਕੀਤਾ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਅਜਿਹੇ ਮਹਾਨ ਦੇਸ਼ ਭਗਤਾਂ ਦੀ ਕੁਰਬਾਨੀ ਸਦਕਾ ਹੀ ਅੱਜ ਭਾਰਤ ਦਾ ਹਰ ਨਾਗਰਿਕ ਆਜ਼ਾਦ ਹੈ ਅਤੇ ਆਜ਼ਾਦੀ ਦੀ ਖੁੱਲ੍ਹੀ ਹਵਾ ਵਿੱਚ ਸਾਹ ਲੈ ਰਿਹਾ ਹੈ। ਇਸ ਤੋਂ ਬਾਅਦ ਸੈਕਟਰ-62 ਦੇ ਲੋਕਾਂ ਨੂੰ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਹਾੜੇ ਮੌਕੇ ਤੋਹਫ਼ਾ ਦਿੰਦੇ ਹੋਏ ਕਰੀਬ 40 ਲੱਖ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਸੀਵਰ ਲਾਈਨ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਰਜਵਾੜਾ ਦੇ ਲੋਕਾਂ ਨੂੰ ਪਾਣੀ ਦੀ ਟਿਊਬ ਦੇ ਕੇ ਲੋਕਾਂ ਦੀਆਂ ਪੀਣ ਵਾਲੇ ਸਾਫ਼ ਪਾਣੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਦਾ ਵਾਅਦਾ ਕੀਤਾ|