ਪੱਤਰ ਪ੍ਰੇਰਕ
ਕੁਰੂਕਸ਼ੇਤਰ, 5 ਦਸੰਬਰ
ਪੁਲੀਸ ਨੇ ਸੋਸ਼ਲ ਮੀਡੀਆ ’ਤੇ ਸਿੱਖ ਧਰਮ, ਗੁਰੂ ਸਾਹਿਬਾਨ, ਸਿੱਖ ਸਮਾਜ ਅਤੇ ਕਿਸਾਨਾਂ ਬਾਰੇ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਲਿਖਣ ’ਤੇ ਕੇਸ ਦਰਜ ਕੀਤਾ ਹੈ। ਪੁਲੀਸ ਵੱਲੋਂ ਇਹ ਕਾਰਵਾਈ ਸਿੱਖ ਸੰਗਤ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਦੱਸਣਯੋਗ ਹੈ ਕਿ ਸਿੱਖ ਸੰਗਤ ਨੇ ਬੀਤੇ ਦਿਨ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਸੈਕਟਰ-13 ਦੇ ਵਸਨੀਕ ਰਾਜੇਸ਼ ਬਾਂਸਲ ਨੇ ਫੇਸਬੁੱਕ ’ਤੇ ਸਿੱਖ ਧਰਮ ਅਤੇ ਕਿਸਾਨਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਲਿਖੀਆਂ ਹਨ। ਸ਼ਿਕਾਇਤ ਤੋਂ ਬਾਅਦ ਪੁਲੀਸ ਨੇ ਇਸ ਸਬੰਧ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਸਦਰ ਦੇ ਇੰਚਾਰਜ ਪ੍ਰਤੀਕ ਕੁਮਾਰ ਨੇ ਦੱਸਿਆ ਕਿ ਇਸ ਸਬੰਧ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 295-ਏ ਅਤੇ ਆਈਟੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਫਿਲਹਾਲ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਮਾਮਲੇ ਦੀ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਹਰਿਆਣਾ ਰਾਜ ਦੇ ਬੁਲਾਰੇ ਕਵਲਜੀਤ ਸਿੰਘ ਅਜਰਾਨਾ ਅਤੇ ਅਕਾਲ ਉਸਤਤ ਚੈਰੀਟੇਬਲ ਟਰੱਸਟ ਕੁਰੂਕਸ਼ੇਤਰ ਦੇ ਚੇਅਰਮੈਨ ਗਿਆਨੀ ਤੇਜਪਾਲ ਸਿੰਘ ਨੇ ਇੱਕ ਸਾਂਝੇ ਬਿਆਨ ਵਿੱਚ ਪੁਲੀਸ ਪ੍ਰਸ਼ਾਸਨ ਵੱਲੋਂ ਕੇਸ ਦਰਜ ਕਰਨ ’ਤੇ ਤਸੱਲੀ ਪ੍ਰਗਟਾਈ ਹੈ। ਉਨ੍ਹਾਂ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।