ਜਗਤਾਰ ਸਮਾਲਸਰ
ਏਲਨਾਬਾਦ, 18 ਜਨਵਰੀ
ਇਥੇ ਪਿੰਡ ਪ੍ਰਤਾਪ ਨਗਰ ਕੋਲ ਦੋ ਮਹੀਨੇ ਪਹਿਲਾਂ ਕਿਸਾਨਾਂ ਵਲੋਂ ਫੜੀ ਗਈ ਨਕਲੀ ਡੀਏਪੀ ਖਾਦ ਬਣਾਉਣ ਵਾਲੀ ਫੈਕਟਰੀ ਦੇ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸਿਰਸਾ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵਲੋਂ ਏਲਨਾਬਾਦ ਪੁਲੀਸ ਥਾਣੇ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਸੈਂਕੜੇ ਕਿਸਾਨ ਸ਼ਹਿਰ ਦੇ ਰਾਮਲੀਲਾ ਗਰਾਊਂਡ ਵਿੱਚ ਇੱਕਠੇ ਹੋਏ ਅਤੇ ਪੁਲੀਸ ਤੇ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਸ ਘਪਲੇ ਵਿੱਚ ਸ਼ਾਮਲ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। ਕਿਸਾਨ ਨੇਤਾਵਾਂ ਸੁਰਜੀਤ ਸਿੰਘ, ਸਰਬਜੀਤ ਸਿੰਘ, ਸੁਰਿੰਦਰ ਸਿੱਧੂ, ਪ੍ਰੀਤਪਾਲ ਸਿੱਧੂ, ਪਰਸਨ ਖੋਸਾ, ਆਤਮਾ ਰਾਮ ਝੋਰੜ, ਗੁਰਿੰਦਰ ਭੱਟੀ, ਪ੍ਰਕਾਸ਼ ਮੁਮੇਰਾ, ਲਖਵਿੰਦਰ ਔਲਖ, ਸਿਕੰਦਰ ਸਿੰਘ ਰੋੜੀ ਆਦਿ ਸਮੇਤ ਕਿਸਾਨਾਂ ਨੇ ਆਖਿਆ ਪਿੰਡ ਪ੍ਰਤਾਪ ਨਗਰ ਵਿੱਚ ਇੱਕ ਨਕਲੀ ਡੀਏਪੀ ਖਾਦ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼ ਕੀਤਾ ਸੀ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਪੁਲੀਸ ਨੇ ਕੇਸ ਦਰਜ ਕੀਤਾ ਸੀ ਪਰ ਦੋ ਮਹੀਨੇ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਪੁਲੀਸ ਵਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਕਿਸਾਨਾਂ ਨੇ ਆਖਿਆ ਕਿ ਉਹ ਇਸ ਮਾਮਲੇ ਨੂੰ ਲੈ ਕੇ ਐਸਐਸਪੀ, ਡੀਐਸਪੀ ਅਤੇ ਥਾਣਾ ਇੰਚਾਰਜ ਨੂੰ ਮਿਲ ਚੁੱਕੇ ਹਨ ਅਤੇ ਮੁੱਖ ਮੰਤਰੀ ਨੂੰ ਵੀ ਮੰਗ ਪੱਤਰ ਭੇਜਿਆ ਗਿਆ ਪਰ ਕੋਈ ਕਾਰਵਾਈ ਨਹੀਂ ਹੋਈ ਹੈ। ਕਿਸਾਨ ਨੇਤਾਵਾਂ ਨੇ ਆਖਿਆ ਕਿ ਇਸ ਪੂਰੇ ਮਾਮਲੇ ਪਿੱਛੇ ਸਿਆਸੀ ਤਾਕਤਾਂ ਕੰਮ ਕਰ ਰਹੀਆਂ ਹਨ। ਇਸ ਦੌਰਾਨ ਕਿਸਾਨਾਂ ਨੇ ਪੁਲੀਸ ਥਾਣੇ ਦੇ ਗੇਟ ਅੱਗੇ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਡੀਐਸਪੀ ਜਗਤ ਸਿੰਘ, ਥਾਣਾ ਇੰਚਾਰਜ ਜਤਿੰਦਰ ਕੁਮਾਰ, ਰਾਣੀਆ ਥਾਣਾ ਇੰਚਾਰਜ ਸਾਧੂ ਰਾਮ ਦੀ ਅਗਵਾਈ ਵਿੱਚ ਗੇਟ ਅੱਗੇ ਵੱਡੀ ਗਿਣਤੀ ਵਿੱਚ ਪੁਲੀਸ ਕਰਮਚਾਰੀ ਤਾਇਨਾਤ ਰਹੇ। ਇਸ ਮਾਮਲੇ ਦੀ ਜਾਂਚ ਕਰ ਰਹੇ ਸੀਆਈਏ ਸਟਾਫ਼ ਸਿਰਸਾ ਦੇ ਇੰਚਾਰਜ ਪਰਦੀਪ ਕੁਮਾਰ ਵੀ ਮੌਕੇ ’ਤੇ ਪੁਹੰਚੇ। ਉਨ੍ਹਾਂ ਵਿਸ਼ਵਾਸ ਦੁਆਇਆ ਕਿ 30 ਜਨਵਰੀ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਕਿਸਾਨਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆ ਆਖਿਆ ਕਿ ਜੇਕਰ 30 ਜਨਵਰੀ ਤੱਕ ਮਾਮਲਾ ਹੱਲ ਨਾ ਹੋਇਆ ਤਾਂ 31 ਜਨਵਰੀ ਨੂੰ ਵੱਡੇ ਪੱਧਰ ’ਤੇ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਸੀਆਈਏ ਸਟਾਫ਼ ਵੱਲੋਂ ਕੀਤੀ ਜਾ ਰਹੀ ਹੈ ਜਾਂਚ: ਡੀਐਸਪੀ
ਡੀਐਸਪੀ ਜਗਤ ਸਿੰਘ ਨੇ ਆਖਿਆ ਕਿ ਇਸ ਮਾਮਲੇ ਦੀ ਜਾਂਚ ਹੁਣ ਸੀਆਈਏ ਸਟਾਫ਼ ਸਿਰਸਾ ਵਲੋਂ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮ ਗਿ੍ਫ਼ਤਾਰ ਕੀਤੇ ਜਾਣਗੇ। ਸੀਆਈਏ ਸਟਾਫ਼ ਸਿਰਸਾ ਦੇ ਇੰਚਾਰਜ ਪਰਦੀਪ ਕੁਮਾਰ ਨੇ ਆਖਿਆ ਕਿ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਜੋ ਵੀ ਲੋਕ ਇਸ ’ਚ ਦੋਸ਼ੀ ਪਾਏ ਜਾਣਗੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।