ਪੱਤਰ ਪ੍ਰੇਰਕ
ਪੰਚਕੂਲਾ, 2 ਮਈ
ਚੋਣਾਂ ਦੇ ਮੱਦੇਨਜ਼ਰ ਡੀਸੀਪੀ (ਕ੍ਰਾਈਮ ਅਤੇ ਟਰੈਫਿਕ) ਮੁਕੇਸ਼ ਮਲਹੋਤਰਾ ਨੇ ਸ਼ਰਾਬ ਦੀ ਤਸਕਰੀ ਬਾਰੇ ਸੂਚਨਾ ਦੇਣ ਵਾਲੇ ਨੂੰ ਇਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਡੀਸੀਪੀ ਨੇ ਕਿਹਾ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਹਰਿਆਣਾ ਵਿੱਚ ਚੋਣ ਜ਼ਾਬਤਾ ਲਾਗੂ ਹੈ। ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਦੀ ਕਾਲਾਬਾਜ਼ਾਰੀ ਵਧ ਜਾਂਦੀ ਹੈ। ਪੰਚਕੂਲਾ ਦੀ ਸਰਹੱਦ ਚੰਡੀਗੜ੍ਹ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵਿਅਕਤੀ ਚੰਡੀਗੜ੍ਹ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਤੋਂ ਸ਼ਰਾਬ ਦੀ ਤਸਕਰੀ ਬਾਰੇ ਸੂਚਨਾ ਪੁਲੀਸ ਨੂੰ ਦੇਵੇਗਾ ਤਾਂ ਉਸ ਨੂੰ ਇਕ ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।