ਛੇਵੇਂ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਇੱਥੋਂ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਰਵਾਏ ਗਏ ਕੀਰਤਨ ਦਰਬਾਰ ਵਿੱਚ ਹਜ਼ੂਰੀ ਰਾਗੀ ਮਲਕੀਤ ਸਿੰਘ ਅਤੇ ਰਣਜੀਤ ਸਿੰਘ ਨੇ ਸੰਗਤ ਨੂੰ ਕਥਾ, ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਗੁਰਦੁਆਰੇ ਦੇ ਸਕੱਤਰ ਨੇ ਛੇਵੇਂ ਗੁਰੂ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਉਨ੍ਹਾਂ ਦਾ ਜਨਮ ਗੁਰੂ ਅਰਜਨ ਦੇਵ ਜੀ ਦੇ ਘਰ ਹੋਇਆ ਸੀ।
ਉਨ੍ਹਾਂ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਗੁਰੂ ਹਰਿਗੋਬਿੰਦ ਸਾਹਿਬ ਗੁਰਤਾਗੱਦੀ ’ਤੇ ਬਿਰਾਜਮਾਨ ਹੋਏ ਅਤੇ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ। ਉਨ੍ਹਾਂ ਨੇ ਹੀ ਅਕਾਲ ਤਖ਼ਤ ਦੀ ਸਥਾਪਨਾ ਕੀਤੀ। ਗੁਰੂ ਸਾਹਿਬ ਨੇ ਗਵਾਲੀਅਰ ਦੇ ਕਿਲ੍ਹੇ ਵਿੱਚ ਕੈਦ 52 ਪਹਾੜੀ ਰਾਜਿਆਂ ਨੂੰ ਰਿਹਾਅ ਕਰਵਾਇਆ, ਜਿਸ ਕਰ ਕੇ ਉਨ੍ਹਾਂ ਨੂੰ ਬੰਦੀ ਛੋੜ ਦਾਤਾ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੇ ਜੀਵਨ ਕਾਲ ਵਿੱਚ ਚਾਰ ਯੁੱਧ ਲੜੇ ਅਤੇ ਸਾਰਿਆਂ ਵਿੱਚ ਜਿੱਤ ਹਾਸਲ ਕੀਤੀ।
ਸਮਾਗਮ ਦੌਰਾਨ ਰਾਗੀ ਸਿੰਘਾਂ ਨੇ ਸ਼ਬਦ ਗਾਇਨ ਕਰਦਿਆਂ ਸੰਗਤ ਨੂੰ ਗੁਰਬਾਣੀ ਦੇ ਅਰਥ ਸਮਝਾਏ ਅਤੇ ਜੀਵਨ ਪ੍ਰਮਾਤਮਾ ਦੀ ਭਗਤੀ ਤੇ ਸੇਵਾ ਲਈ ਸਮਰਪਿਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਸੁਰਜੀਤ ਕਪੂਰ, ਰਾਜੂ ਮੱਕੜ, ਮੀਤ ਪ੍ਰਧਾਨ ਰਾਜਾ ਭਾਟੀਆ, ਡਾਕਟਰ ਗੁਰਚਰਨ ਸਿੰਘ, ਮਹਿੰਦਰ ਸਿੰਘ, ਗਗਨਦੀਪ ਸਿੰਘ ਅਤੇ ਹਰਭਜਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।
