ਬੰਗਾਲ ਚੋਣਾਂ ਵਿੱਚ ਭਾਜਪਾ ਦੀ ਜਿੱਤ ਦੇ ਦਿੱਲੀ ’ਚ ਜਸ਼ਨ
ਮੁੱਖ ਮੰਤਰੀ ਰੇਖਾ ਗੁਪਤਾ ਨੇ ਕੈਬਨਿਟ ਸਹਿਯੋਗੀਆਂ ਨਾਲ ਖ਼ੁਸ਼ੀ ਮਨਾਈ; ਦਿੱਲੀ ਸਕੱਤਰੇਤ ਵਿੱਚ ਰਸਗੁੱਲੇ ਵੰਡੇ
ਦਿੱਲੀ ਸਕੱਤਰੇਤ ਵਿੱਚ ਅੱਜ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਭਾਜਪਾ ਦੀ ਜਿੱਤ ਦੇ ਜਸ਼ਨ ਮਨਾਏ ਗਏ। ਇਸ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ਨੇ ਆਪਣੇ ਕੈਬਨਿਟ ਸਹਿਯੋਗੀਆਂ ਨਾਲ ਮਿਲ ਕੇ ਖ਼ੁਸ਼ੀ ਮਨਾਈ। ਖ਼ਾਸ ਤੌਰ ’ਤੇ ਪੂਰਬੀ ਭਾਰਤ ਦੇ ਮਸ਼ਹੂਰ ਪਕਵਾਨਾਂ ਤਿੱਖੀ ਝਾਲਮੁੜੀ ਅਤੇ ਰਸਗੁੱਲਿਆਂ ਨਾਲ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ। ਸਕੱਤਰੇਤ ਵਿੱਚ ਹੋਏ ਇਸ ਗ਼ੈਰ-ਰਸਮੀ ਸਮਾਗਮ ਦੌਰਾਨ ਹਰ ਪਾਸੇ ਜਸ਼ਨ ਦਾ ਮਾਹੌਲ ਬਣਿਆ ਰਿਹਾ। ਦੂਜੇ ਪਾਸੇ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿੱਚ ਵੀ ਜਸ਼ਨ ਮਨਾਏ ਜਾ ਰਹੇ ਹਨ।
ਮੁੱਖ ਮੰਤਰੀ ਰੇਖਾ ਗੁਪਤਾ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਰਾਹੀਂ ਇਸ ਜਿੱਤ ਨੂੰ ਬੇਹੱਦ ਮਹੱਤਵਪੂਰਨ ਦੱਸਿਆ। ਉਨ੍ਹਾਂ ਹਿੰਦੀ ਵਿੱਚ ਲਿਖੀ ਇੱਕ ਪੋਸਟ ਰਾਹੀਂ ਕਿਹਾ ਕਿ ਪੱਛਮੀ ਬੰਗਾਲ ਦੇ ਨਤੀਜੇ ਦਰਸਾਉਂਦੇ ਹਨ ਕਿ ਦੇਸ਼ ਦੇ ਲੋਕਾਂ ਦਾ ਭਰੋਸਾ ਭਾਜਪਾ ਵਿੱਚ ਲਗਾਤਾਰ ਵਧ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੁਸ਼ਲ ਅਗਵਾਈ ਹੇਠ ਦੇਸ਼ ਦਾ ਹਰ ਸੂਬਾ ਭਗਵੇ ਰੰਗ ਵਿੱਚ ਰੰਗਿਆ ਜਾ ਰਿਹਾ ਹੈ। ਅਸਾਮ ਵਿੱਚ ਜਿੱਤ ਦੀ ਹੈਟ੍ਰਿਕ ਮਾਰਨ ਤੋਂ ਬਾਅਦ ਹੁਣ ਬੰਗਾਲ ਵਿੱਚ ਵੀ ਭਾਜਪਾ ਨੇ ਸ਼ਾਨਦਾਰ ਬਹੁਮਤ ਨਾਲ ਸਰਕਾਰ ਬਣਾਉਣ ਵੱਲ ਕਦਮ ਵਧਾਏ ਹਨ।’’
ਦਿੱਲੀ ਦੇ ਗ੍ਰਹਿ ਮੰਤਰੀ ਆਸ਼ੀਸ਼ ਸੂਦ ਨੇ ਇਸ ਜਿੱਤ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੱਛਮੀ ਬੰਗਾਲ ਵਿੱਚ ਭਾਜਪਾ ਦੀ ਸਰਕਾਰ ਬਣਨਾ ਇਤਿਹਾਸਕ ਪਲ ਹੈ। ਉਨ੍ਹਾਂ ਕਿਹਾ ਕਿ ਬੰਗਾਲ ਜਨਸੰਘ ਦੇ ਸੰਸਥਾਪਕ ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜਨਮ ਸਥਾਨ ਹੈ ਅਤੇ ਇੱਥੇ ਭਾਜਪਾ ਦੀ ਸਰਕਾਰ ਬਣਾਉਣ ਦਾ ਦਹਾਕਿਆਂ ਪੁਰਾਣਾ ਸੁਪਨਾ ਹੁਣ ਹਕੀਕਤ ਵਿੱਚ ਬਦਲ ਗਿਆ ਹੈ। ਸੂਦ ਅਨੁਸਾਰ ਇਸ ਜਿੱਤ ਨੇ ਭਾਜਪਾ ਨੂੰ ਦੇਸ਼ ਦੀ ਇਕਲੌਤੀ ਅਜਿਹੀ ਪਾਰਟੀ ਵਜੋਂ ਸਥਾਪਿਤ ਕਰ ਦਿੱਤਾ ਹੈ ਜਿਸ ਦਾ ਪ੍ਰਭਾਵ ਪੂਰੇ ਭਾਰਤ ਵਿੱਚ ਹੈ।
ਸੁਰੱਖਿਆ ਦੇ ਨਜ਼ਰੀਏ ਤੋਂ ਇਸ ਜਿੱਤ ਦੀ ਅਹਿਮੀਅਤ ਬਾਰੇ ਗੱਲ ਕਰਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਪੱਛਮੀ ਬੰਗਾਲ ਇੱਕ ਸਰਹੱਦੀ ਸੂਬਾ ਹੈ ਅਤੇ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਬੇਹੱਦ ਨਾਜ਼ੁਕ ਹੈ। ਉਨ੍ਹਾਂ ਕਿਹਾ ਕਿ ਬੰਗਾਲ ਦੀਆਂ ਸਰਹੱਦਾਂ ਕਾਫ਼ੀ ਖੁੱਲ੍ਹੀਆਂ ਹਨ ਜਿੱਥੋਂ ਘੁਸਪੈਠ ਦੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹੁਣ ਭਾਜਪਾ ਆਉਣ ਨਾਲ ਇਨ੍ਹਾਂ ਚੁਣੌਤੀਆਂ ਦਾ ਨਿਬੇੜਾ ਕੀਤਾ ਜਾ ਸਕੇਗਾ।
ਬਾਬੈਨ ਵਿੱਚ ਵੀ ਭਾਜਪਾ ਵਰਕਰਾਂ ਨੇ ਜਿੱਤ ਦੀ ਖ਼ੁਸ਼ੀ ਮਨਾਈ
ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਪੱਛਮੀ ਬੰਗਾਲ, ਅਸਾਮ ਅਤੇ ਪੁੱਡੂਚੇਰੀ ਦੇ ਚੋਣ ਨਤੀਜਿਆਂ ਵਿੱਚ ਭਾਜਪਾ ਦੀ ਸ਼ਾਨਦਾਰ ਕਾਰਗੁਜ਼ਾਰੀ ਦਾ ਜਸ਼ਨ ਅੱਜ ਬਾਬੈਨ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਜਪਾ ਦੇ ਮੰਡਲ ਆਗੂਆਂ ਅਤੇ ਸੀਨੀਅਰ ਕਾਰਕੁਨਾਂ ਨੇ ਇਕੱਠੇ ਹੋ ਕੇ ਮਠਿਆਈਆਂ ਵੰਡੀਆਂ ਅਤੇ ਢੋਲ ਵਜਾ ਕੇ ਜਿੱਤ ਦੀ ਖ਼ੁਸ਼ੀ ਸਾਂਝੀ ਕੀਤੀ। ਵਰਕਰਾਂ ਨੇ ‘ਭਾਜਪਾ ਜ਼ਿੰਦਾਬਾਦ’ ਅਤੇ ‘ਮੋਦੀ ਹੈ ਤਾੋ ਮੁਮਕਿਨ ਹੈ’ ਦੇ ਨਾਅਰੇ ਲਾਏ। ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਇਹ ਇਤਿਹਾਸਕ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ, ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪਾਰਟੀ ਵਰਕਰਾਂ ਦੀ ਦਿਨ-ਰਾਤ ਦੀ ਸਖ਼ਤ ਮਿਹਨਤ ਦਾ ਸਿੱਟਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਭਾਜਪਾ ਦੇ ਵਿਕਾਸ ਕਾਰਜਾਂ ਵਿੱਚ ਪੂਰਨ ਵਿਸ਼ਵਾਸ ਪ੍ਰਗਟ ਕਰ ਰਹੀ ਹੈ, ਜਿਸ ਕਾਰਨ ਪਾਰਟੀ ਲਗਾਤਾਰ ਨਵੀਆਂ ਬੁਲੰਦੀਆਂ ਨੂੰ ਛੂਹ ਰਹੀ ਹੈ। ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਵਿਕਾਸ ਸ਼ਰਮਾ, ਮਾਰਕੀਟ ਕਮੇਟੀ ਬਾਬੈਨ ਦੇ ਚੇਅਰਮੈਨ ਜਸਵਿੰਦਰ ਸਿੰਘ ਜੱਸੀ ਅਤੇ ਭਾਜਪਾ ਆਗੂ ਨਾਇਬ ਪਟਾਕ ਮਾਜਰਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

