ਫਰੀਦਾਬਾਦ (ਕੁਲਵਿੰਦਰ ਕੌਰ ਦਿਓਲ): ਏਮਜ਼ ਦੇ ਡਾਇਰੈਕਟਰ ਡਾ: ਰਣਦੀਪ ਗੁਲੇਰੀਆ ਨੇ ਕਿਹਾ ਕਿ ਸਾਨੂੰ ਕੋਵਿਡ ਨਾਲ ਨਜਿੱਠਣ ਲਈ ਟੀਮ ਦੀ ਤਰ੍ਹਾਂ ਕੰਮ ਕਰਨਾ ਪਏਗਾ। ਹਰੇਕ ਕੇਸ ਦੇ ਸੰਪਰਕ ਲੱਭਣੇ ਤੇ ਸਮੇਂ ਸਿਰ ਡਾਕਟਰੀ ਦੇਖਭਾਲ ਪ੍ਰਦਾਨ ਕਰਨ ਦੀ ਜ਼ਰੂਰਤ ਹੈ। ਸਾਨੂੰ ਇਹ ਕੰਮ ਗੰਭੀਰਤਾ ਨਾਲ ਕਰਨਾ ਪਏਗਾ ਤਾਂ ਜੋ ਇਸ ਮਹਾਂਮਾਰੀ ਨੂੰ ਰੋਕਣ ਵਿੱਚ ਸਫਲ ਹੋ ਸਕੀਏ। ਡਾ. ਗੁਲੇਰੀਆ ਭਾਰਤ ਸਰਕਾਰ ਦੀ ਤਿੰਨ ਮੈਂਬਰੀ ਟੀਮ ਦੀ ਅਗਵਾਈ ਕਰ ਰਹੇ ਸਨ ਜੋ ਮੰਗਲਵਾਰ ਨੂੰ ਜ਼ਿਲੇ ਵਿਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਫਰੀਦਾਬਾਦ ਪਹੁੰਚੀ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਤਿੰਨ ਘੰਟੇ ਦੀ ਸਮੀਖਿਆ ਬੈਠਕ ਕੀਤੀ। ਡਿਪਟੀ ਕਮਿਸ਼ਨਰ ਯਸ਼ਪਾਲ ਨੇ ਉਨ੍ਹਾਂ ਨੂੰ ਜ਼ਿਲ੍ਹੇ ਵਿੱਚ ਕੋਵਿਡ -19 ਲਈ ਸਥਿਤੀ, ਪ੍ਰਬੰਧਾਂ ਤੇ ਉਪਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।