ਮੁੱਖ ਮੰਤਰੀ ਵੱਲੋਂ ਐੱਚ ਟੈੱਟ ਬਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ
ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ (ਐੱਚ ਟੈੱਟ) ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ...
ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ (ਐੱਚ ਟੈੱਟ) ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਪ੍ਰੀਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਚ ਟੈੱਟ ਪ੍ਰੀਖਿਆ ਨੂੰ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਸਫ਼ਲਤਾ ਨਾਲ ਕਰਵਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇ।
ਮੁੱਖ ਮੰਤਰੀ ਨਾਲ ਹੋਈ ਵੀਡੀਓ ਕਾਨਫਰੰਸ ਤੋਂ ਬਾਅਦ ਫਤਿਹਾਬਾਦ ਦੇ ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਮਿੰਨੀ ਸਕੱਤਰੇਤ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ। ਮੀਟਿੰਗ ਦੌਰਾਨ ਉਨ੍ਹਾਂ ਐਚ ਟੈੱਟ ਪ੍ਰੀਖਿਆ ਦੇ ਸਫ਼ਲ ਅਤੇ ਸ਼ਾਂਤੀਪੂਰਨ ਪ੍ਰੋਗਰਾਮ ਨੂੰ ਯਕੀਨੀ ਬਣਾਉਣ ਲਈ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਪ੍ਰੀਖਿਆ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਜ਼ਿਲ੍ਹਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਸਬੰਧੀ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਤਿਹਾਬਾਦ ਜ਼ਿਲ੍ਹੇ ਵਿੱਚ ਐੱਚ ਟੈੱਟ ਪ੍ਰੀਖਿਆ ਲਈ ਕੁੱਲ 15 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ 8680 ਪ੍ਰੀਖਿਆਰਥੀ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਲੈਵਲ-3 (ਪੀਜੀਟੀ) ਲਈ 9 ਕੇਂਦਰਾਂ ’ਤੇ 2754 ਉਮੀਦਵਾਰ ਪ੍ਰੀਖਿਆ ਦੇਣਗੇ। ਇਸੇ ਤਰ੍ਹਾਂ ਲੈਵਲ-2 (ਟੀਜੀਟੀ) ਲਈ 15 ਕੇਂਦਰਾਂ ’ਤੇ 4535 ਅਤੇ ਲੈਵਲ-1 (ਪੀਆਰਟੀ) ਲਈ 5 ਕੇਂਦਰਾਂ ’ਤੇ 1391 ਪ੍ਰੀਖਿਆਰਥੀ ਆਪਣੀ ਯੋਗਤਾ ਦੀ ਪਰਖ ਦੇਣਗੇ। ਡਾ. ਵਿਵੇਕ ਭਾਰਤੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੀਖਿਆ ਦੌਰਾਨ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਵਿਭਾਗ ਵੱਲੋਂ ਯੋਗ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ।
