ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰਦੁਆਰਾ ਲਖਨੌਰ ਸਾਹਿਬ ਵਿਖੇ ਨਤਮਸਤਕ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਅੰਬਾਲਾ ਜ਼ਿਲ੍ਹੇ ਦੇ ਇਤਿਹਾਸਕ ਗੁਰਦੁਆਰਾ ਲਖਨੌਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸੂਬੇ ਦੇ ਲੋਕਾਂ ਦੀ ਭਲਾਈ, ਖੁਸ਼ਹਾਲੀ ਤੇ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬਾਨ ਦੀ ਸ਼ਹਾਦਤ ਨੂੰ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਕਰਾਰ ਦਿੱਤਾ।
ਗੁਰਦੁਆਰਾ ਲਖਨੌਰ ਸਾਹਿਬ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਨਕੇ ਦੇ ਤੌਰ ’ਤੇ ਜਾਣਿਆ ਜਾਂਦਾ ਹੈ, ਉੱਥੇ ਮਾਤਾ ਗੁਜਰੀ ਜੀ ਦੀਆਂ ਯਾਦਾਂ ਵੀ ਜੁੜੀਆਂ ਹੋਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਉਨ੍ਹਾਂ ਲਈ ਅਸ਼ੀਰਵਾਦ ਵਰਗੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਸਿੱਖ ਇਤਿਹਾਸ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕਮਰ ਕੱਸ ਕੇ ਲੱਗੀ ਹੋਈ ਹੈ। ਕੁਰੂਕਸ਼ੇਤਰ ਵਿਖੇ 3 ਏਕੜ ਵਿੱਚ ਸਿੱਖ ਮਿਊਜ਼ੀਅਮ ਬਣਾਇਆ ਜਾ ਰਿਹਾ ਹੈ, ਜਿਥੇ ਗੁਰੂ ਸਾਹਿਬਾਨ ਦੇ ਇਤਿਹਾਸ ਨੂੰ ਦਰਸਾਇਆ ਜਾਵੇਗਾ।
ਇਸ ਮੌਕੇ ਭਾਜਪਾ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ, ਸਾਬਕਾ ਮੰਤਰੀ ਅਸੀਮ ਗੋਇਲ, ਭਾਜਪਾ ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵੀ ਹਾਜ਼ਰ ਸਨ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮੰਤਰੀ ਤੇ ਹੋਰ ਮਹਿਮਾਨਾਂ ਨੂੰ ਸਿਰੋਪੇ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਤ ਕੀਤਾ ਗਿਆ।
ਸ੍ਰੀ ਸੈਣੀ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਭਾਗਾਂਵਾਲਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਸ਼ਹਾਦਤ, ਬਲਿਦਾਨ ਅਤੇ ਇਤਿਹਾਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਨੇ ਜੋ ਕੁਰਬਾਨੀਆਂ ਦਿੱਤੀਆਂ, ਉਹ ਸਾਡੀ ਆਉਣ ਵਾਲੀ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ।
ਇਸ ਤੋਂ ਇਲਾਵਾ ਮੁੱਖ ਮੰਤਰੀ, ਭਾਜਪਾ ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ ਦੇ ਘਰ ਵੀ ਪਹੁੰਚੇ ਜਿੱਥੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਹਾਲ ਚਾਲ ਜਾਣਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਅਜੈ ਸਿੰਘ ਤੋਮਰ, ਸੀਈਓ ਗਗਨਦੀਪ, ਡਾ. ਪਵਨ ਸੈਣੀ, ਪਵਿਤਰ ਸਿੰਘ ਬਾਜਵਾ, ਬੰਤੋ ਕਟਾਰੀਆ, ਜਸਬੀਰ ਜੱਸੀ, ਸੁਰਿੰਦਰ ਢੀਂਗਰਾ, ਟੀ.ਪੀ. ਸਿੰਘ ਅਤੇ ਕਈ ਹੋਰ ਭਾਜਪਾ ਆਗੂ ਮੌਜੂਦ ਸਨ।