ਕੁਲਵਿੰਦਰ ਕੌਰ ਦਿਓਲ
ਫਰੀਦਾਬਾਦ, 16 ਅਕਤੂਬਰ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਐਤਵਾਰ ਸਵੇਰੇ ਗ੍ਰੀਨ ਫੀਲਡ ਕਾਲੋਨੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਰੀਨ ਫੀਲਡ ਕਲੋਨੀ ਦੇ ਸਾਰੇ ਵਿਕਾਸ ਕਾਰਜ ਇੱਕ-ਇੱਕ ਕਰ ਕੇ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਲੋਨੀ ਦੇ ਲੋਕਾਂ ਦੀ ਸਾਲਾਂ ਪੁਰਾਣੀ ਮੰਗ ਹੁਣ ਪੂਰੀ ਹੋ ਗਈ ਹੈ ਅਤੇ ਇਸ ਕਲੋਨੀ ਨੂੰ ਵਿਕਾਸ ਕਾਰਜਾਂ ਲਈ ਪੂਰੀ ਤਰ੍ਹਾਂ ਨਗਰ ਨਿਗਮ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਕਲੋਨੀ ਦੇ ਲੋਕਾਂ ਨੂੰ ਸੀਵਰੇਜ ਅਤੇ ਸੜਕਾਂ ਵਰਗੀਆਂ ਬੁਨਿਆਦੀ ਸਹੂਲਤਾਂ ਲਈ ਇਧਰ-ਉਧਰ ਭਟਕਣਾ ਨਹੀਂ ਪਵੇਗਾ।
ਇਸ ਦੌਰਾਨ ਮੁੱਖ ਮੰਤਰੀ ਨੇ ਅੰਡਰਪਾਸ ਦਾ ਮੁਆਇਨਾ ਵੀ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਦੀ ਸਮੱਸਿਆ ਦਾ ਜਲਦੀ ਹੀ ਹੱਲ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਲੋਕ ਸੰਪਰਕ ਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਗਰੀਨ ਫੀਲਡ ਕਲੋਨੀ ਦੀ ਸਾਲਾਂ ਪੁਰਾਣੀ ਮੰਗ ਨੂੰ ਪੂਰਾ ਕਰਦੇ ਹੋਏ ਇਸ ਨੂੰ ਨਗਰ ਨਿਗਮ ਨੂੰ ਸੌਂਪਣ ਦੇ ਹੁਕਮ ਦਿੱਤੇ ਸਨ। ਐਤਵਾਰ ਸਵੇਰੇ ਜਦੋਂ ਗ੍ਰੀਨ ਫੀਲਡ ਕਲੋਨੀ ਦਾ ਦੌਰਾ ਕਰਨ ਗਏ, ਇਸ ਦੌਰਾਨ ਉਨ੍ਹਾਂ ਸਥਾਨਕ ਨਾਗਰਿਕਾਂ ਨਾਲ ਗੱਲਬਾਤ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।