ਬੱਚਿਆਂ ਨੇ ਰੰਗਾਂ ਰਾਹੀਂ ਵਾਤਾਵਰਨ ਬਚਾਉਣ ਦਾ ਸੁਨੇਹਾ ਦਿੱਤਾ
ਖੇਤੀਬਾੜੀ ਵਿਭਾਗ ਦੇ ਉੱਦਮ ਨਾਲ ਗੁਰੂ ਨਾਨਕ ਸਕੂਲ ਵਿੱਚ ਪੇਂਟਿੰਗ ਮੁਕਾਬਲੇ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਦਮ ਨਾਲ ਵਾਤਾਵਰਨ ਸੁਰੱਖਿਆ ਅਤੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਦੇ ਅਹਿਮ ਵਿਸ਼ੇ ’ਤੇ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ। ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਖੇਤੀਬਾੜੀ ਵਿਭਾਗ ਬਾਬੈਨ ਵੱਲੋਂ ਖੇਤੀਬਾੜੀ ਨਿਰਦੇਸ਼ਕ ਅਰੁਣ ਕੁਮਾਰ ਅਤੇ ਰਵੀ ਕੁਮਾਰ ਨੇ ਉਚੇਚੇ ਤੌਰ ਉੱਤੇ ਸ਼ਿਰਕਤ ਕੀਤੀ। ਇਸ ਪੂਰੇ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਸਕੂਲ ਦੇ ਪ੍ਰਿੰਸੀਪਲ ਬਲਦੇਵ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।
ਇਸ ਮੁਕਾਬਲੇ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਕਲਾਤਮਕ ਪ੍ਰਤਿਭਾ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ। ਬੱਚਿਆਂ ਨੇ ਆਪਣੀਆਂ ਪੇਂਟਿੰਗਾਂ ਰਾਹੀਂ ਬਹੁਤ ਹੀ ਡੂੰਘਾ ਸੁਨੇਹਾ ਦਿੱਤਾ ਕਿ ਪਰਾਲੀ ਸਾੜਨ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਉੱਥੇ ਹੀ ਕਿਸਾਨਾਂ ਦੇ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਦਰਸਾਇਆ ਕਿ ਵਾਤਾਵਰਣ ਪ੍ਰਦੂਸ਼ਿਤ ਹੋਣ ਨਾਲ ਮਨੁੱਖੀ ਸਿਹਤ ਸੰਬੰਧੀ ਕਿਹੜੀਆਂ ਗੰਭੀਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਬੱਚਿਆਂ ਨੇ ਆਪਣੀਆਂ ਪੇਂਟਿੰਗਾਂ ਵਿੱਚ ਸਿਰਫ਼ ਸਮੱਸਿਆ ਹੀ ਨਹੀਂ ਦਿਖਾਈ, ਸਗੋਂ ਆਧੁਨਿਕ ਖੇਤੀ ਸੰਦਾਂ ਰਾਹੀਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਦੇ ਸਹੀ ਤਰੀਕੇ ਵੀ ਪੇਸ਼ ਕੀਤੇ।
ਇਸ ਮੌਕੇ ਖੇਤੀਬਾੜੀ ਨਿਰਦੇਸ਼ਕ ਅਰੁਣ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਦਾ ਪ੍ਰਦੂਸ਼ਣ ਬਹੁਤ ਤੇਜ਼ੀ ਨਾਲ ਵਧਦਾ ਹੈ, ਜੋ ਸਾਡੀ ਸਿਹਤ ਅਤੇ ਵਾਤਾਵਰਨ ਦੋਵਾਂ ਲਈ ਬੇਹੱਦ ਹਾਨੀਕਾਰਕ ਹੈ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦਾ ਸਭ ਤੋਂ ਸ਼ਕਤੀਸ਼ਾਲੀ ਮਾਧਿਅਮ ਹੁੰਦੇ ਹਨ। ਉਨ੍ਹਾਂ ਉਮੀਦ ਜਤਾਈ ਕਿ ਜਦੋਂ ਬੱਚੇ ਪਰਾਲੀ ਨਾ ਸਾੜਨ ਦਾ ਇਹ ਅਹਿਮ ਸੁਨੇਹਾ ਆਪਣੇ ਘਰ ਅਤੇ ਆਲੇ-ਦੁਆਲੇ ਦੇ ਕਿਸਾਨਾਂ ਤੱਕ ਪਹੁੰਚਾਉਣਗੇ, ਤਾਂ ਕਿਸਾਨ ਨਿਸ਼ਚਿਤ ਤੌਰ ਉੱਤੇ ਜਾਗਰੂਕ ਹੋਣਗੇ। ਸਮਾਗਮ ਦੇ ਅਖੀਰ ਵਿੱਚ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਦਾ ਹੌਸਲਾ ਵਧਾਉਣ ਲਈ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਮੁਕਾਬਲੇ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਉੱਤੇ ਯਾਦਗਾਰੀ ਚਿੰਨ੍ਹ ਦੇ ਕੇ ਨਿਵਾਜਿਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਬਲਦੇਵ ਸਿੰਘ ਤੇ ਖੇਤੀਬਾੜੀ ਅਧਿਕਾਰੀਆਂ ਸਣੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।

