ਕਮਿਸ਼ਨਰ ਵੱਲੋਂ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ
ਨਗਰ ਨਿਗਮ ਕਮਿਸ਼ਨਰ ਅੰਬਾਲਾ ਵੀਰੇਂਦਰ ਲਾਠਰ ਨੇ ਨਰਾਇਣਗੜ੍ਹ ਦਾ ਦੌਰਾ ਕੀਤਾ ਅਤੇ ਸ਼ਹਿਰ ਦੀ ਸਫਾਈ ਪ੍ਰਬੰਧਾਂ ਅਤੇ ਘਰ-ਘਰ ਕੂੜਾ ਇਕੱਠਾ ਕਰਨ ਦੀ ਸਥਿਤੀ ਦਾ ਨਿਰੀਖਣ ਕੀਤਾ। ਨਿਰੀਖਣ ਦੌਰਾਨ ਐੱਸ.ਡੀ.ਐੱਮ ਸ਼ਿਵਜੀਤ ਭਾਰਤੀ, ਨਗਰ ਸਕੱਤਰ ਮੋਹਿਤ ਕੁਮਾਰ, ਨਗਰ ਨਿਗਮ ਇੰਜੀਨੀਅਰ ਹਰੀਸ਼ ਸ਼ਰਮਾ ਅਤੇ ਜੂਨੀਅਰ ਇੰਜੀਨੀਅਰ ਗੁਰਜੀਤ ਸਿੰਘ ਉਨ੍ਹਾਂ ਨਾਲ ਮੌਜੂਦ ਰਹੇ। ਇਸ ਤੋਂ ਬਾਅਦ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿੱਚ ਕੌਂਸਲਰਾਂ ਅਤੇ ਪਤਵੰਤਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸ਼ਹਿਰ ਦੀ ਸਫ਼ਾਈ ਪ੍ਰਣਾਲੀ ਅਤੇ ਹੋਰ ਵਿਕਾਸ ਕਾਰਜਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਕਮਿਸ਼ਨਰ ਨੇ ਸਫ਼ਾਈ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਅਤੇ ਘਰ-ਘਰ ਕੂੜਾ ਇਕੱਠਾ ਕਰਨ ਨੂੰ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਸੁਝਾਅ ਪ੍ਰਾਪਤ ਕੀਤੇ। ਉਨ੍ਹਾਂ ਕਿਹਾ ਕਿ ਇੱਕ ਸਾਫ਼ ਅਤੇ ਸੁੰਦਰ ਸ਼ਹਿਰ ਲਈ ਜਨਤਕ ਭਾਗੀਦਾਰੀ ਜ਼ਰੂਰੀ ਹੈ ਅਤੇ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਇਸ ਤੋਂ ਇਲਾਵਾ ਕਮਿਸ਼ਨਰ ਵੀਰੇਂਦਰ ਲਾਠਰ ਨੇ ਹਰਿਆਣਾ ਸ਼ਹਿਰ ਸਫਾਈ ਮੁਹਿੰਮ 2025 ਨੂੰ ਸਫਲ ਬਣਾਉਣ ਲਈ ਸਾਰੇ ਨਾਗਰਿਕਾਂ ਤੋਂ ਭਾਗੀਦਾਰੀ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਨਾ ਸਿਰਫ਼ ਸ਼ਹਿਰ ਨੂੰ ਸਾਫ਼ ਕਰਨ ਵਿੱਚ ਮਦਦ ਕਰੇਗੀ ਬਲਕਿ ਸਿਹਤ ਅਤੇ ਵਾਤਾਵਰਨ ਦੀ ਰੱਖਿਆ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਏਗੀ। ਐੱਸ.ਡੀ.ਐੱਮ. ਸ਼ਿਵਜੀਤ ਭਾਰਤੀ ਨੇ ਕਿਹਾ ਕਿ ਜ਼ਿਲ੍ਹਾ ਨਗਰ ਕਮਿਸ਼ਨਰ ਦੇ ਦੌਰੇ ਨਾਲ ਸਥਾਨਕ ਪੱਧਰ ’ਤੇ ਚੱਲ ਰਹੀਆਂ ਯੋਜਨਾਵਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਨਗਰ ਪਾਲਿਕਾ ਅਤੇ ਨਾਗਰਿਕ ਆਪਸੀ ਸਹਿਯੋਗ ਨਾਲ ਸਫਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾ ਸਕਦੇ ਹਨ।