ਪੱਤਰ ਪ੍ਰੇਰਕ
ਕਾਲਾਂਵਾਲੀ, 23 ਅਕਤੂਬਰ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਸਾੜਣ ਵਾਲੇ ਕਿਸਾਨਾਂ ਦੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਖੇਤਰਜ ਦੇ ਪਿੰਡ ਮਲੜ੍ਹੀ ਵਿੱਚ ਦੋ ਥਾਂ ਅਤੇ ਪਿੰਡ ਦਾਦੂ ਤੇ ਕਾਲਾਂਵਾਲੀ ਇੱਕ ਇੱਕ ਥਾਂ ’ਤੇ ਪਰਾਲੀ ਨੂੰ ਅੱਗ ਲਾਉਣ ਦੀ ਲੋਕੇਸ਼ਨ ਮਿਲਣ ’ਤੇ ਕਾਰਵਾਈ ਕਰਦੇ ਹੋਏ ਕਿਸਾਨਾਂ ਨੂੰ 10 ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ। ਖੇਤੀਬਾੜੀ ਵਿਭਾਗ ਦੇ ਡੀਡੀਏ ਡਾ. ਬਾਬੂ ਲਾਲ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਪਰਾਲੀ ਦਾ ਸਹੀ ਪ੍ਰਬੰਧਨ ਕਰਨਾ ਚਾਹੀਦਾ ਹੈ ਤਾਂ ਜੋ ਵਾਤਾਵਰਨ ਪ੍ਰਦੂਸ਼ਣ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ ਅਤੇ ਜ਼ਮੀਨ ਦੇ ਸੂਖਮ ਜੀਵ ਵੀ ਖਤਮ ਹੋ ਜਾਂਦੇ ਹਨ। ਪਰਾਲੀ ਪ੍ਰਬੰਧਨ ਲਈ ਹਰਿਆਣਾ ਸਰਕਾਰ ਵੱਲੋਂ ਰਜਿਸਟਰਡ ਗਊਸਾਲਾਵਾਂ ਨੂੰ 500 ਰੁਪਏ ਪ੍ਰਤੀ ਏਕੜ ਟਰਾਂਸਪੋਰਟ ਇੰਸੈਂਟਿਵ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਮਿੱਟੀ ਵਿੱਚ ਮਿਲਾ ਕੇ ਗੱਠਾਂ ਬਣਾਉਣ ਲਈ ਇੱਕ ਹਜਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਾਸ਼ੀ ਵੀ ਦੇਵੇਗੀ।