Congress ਨੇ ਕਾਨੂੰਨ ਵਿਵਸਥਾ ਅਤੇ ਭ੍ਰਿਸ਼ਟਾਚਾਰ ’ਤੇ ਸਰਕਾਰ ਘੇਰੀ
ਨੀਟ ਵਿਵਾਦ ਮਾਮਲੇ ਵਿੱਚ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਮੰਗਿਆ
ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮੇਵਾ ਸਿੰਘ, ਥਾਨੇਸਰ ਦੇ ਵਿਧਾਇਕ ਅਸ਼ੋਕ ਅਰੋੜਾ ਅਤੇ ਸ਼ਾਹਬਾਦ ਦੇ ਵਿਧਾਇਕ ਰਾਮ ਕਰਣ ਕਾਲਾ ਨੇ ਅੱਜ ਜ਼ਿਲ੍ਹਾ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਕਾਂਗਰਸੀ ਆਗੂਆਂ ਨੇ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ, ਸਿੱਖਿਆ ਪ੍ਰਣਾਲੀ ਦੀਆਂ ਖ਼ਾਮੀਆਂ ਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ’ਤੇ ਸਰਕਾਰ ਨੂੰ ਲੰਮੇ ਹੱਥੀਂ ਲਿਆ।
ਜ਼ਿਲ੍ਹਾ ਪ੍ਰਧਾਨ ਮੇਵਾ ਸਿੰਘ ਨੇ ਕਿਹਾ ਕਿ ਨੀਟ ਪ੍ਰੀਖਿਆ ਨਾਲ ਜੁੜੇ ਵਿਵਾਦਾਂ ਨੇ ਦੇਸ਼ ਭਰ ਦੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਡੂੰਘੇ ਮਾਨਸਿਕ ਤਣਾਅ ਵਿੱਚ ਪਾ ਦਿੱਤਾ ਹੈ। ਸਰਕਾਰ ਦੀਆਂ ਨੀਤੀਆਂ ਅਤੇ ਸਮੇਂ ਸਿਰ ਕਾਰਵਾਈ ਨਾ ਹੋਣ ਕਾਰਨ ਹਾਲਾਤ ਬਦਤਰ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਪ੍ਰੀਖਿਆ ਵਿੱਚ ਹੋਈਆਂ ਬੇਨਿਯਮੀਆਂ ਕਾਰਨ ਕੁਝ ਥਾਵਾਂ ’ਤੇ ਵਿਦਿਆਰਥੀਆਂ ਵੱਲੋਂ ਖੁਦਕੁਸ਼ੀਆਂ ਵਰਗੇ ਦੁੱਖਦਾਈ ਕਦਮ ਚੁੱਕਣ ਦੀਆਂ ਰਿਪੋਰਟਾਂ ਵੀ ਸਾਹਮਣੇ ਆਈਆਂ ਹਨ। ਕਾਂਗਰਸ ਨੇ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਕੋਲੋਂ ਨੈਤਿਕ ਜ਼ਿੰਮੇਵਾਰੀ ਦੇ ਆਧਾਰ ’ਤੇ ਅਸਤੀਫ਼ੇ ਦੀ ਮੰਗ ਕੀਤੀ ਹੈ। ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਮੇਵਾ ਸਿੰਘ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਇੱਕ ਕਥਿਤ ਆਡੀਓ ਰਿਕਾਰਡਿੰਗ ਦਾ ਹਵਾਲਾ ਦਿੱਤਾ, ਜਿਸ ਵਿੱਚ ਨੌਕਰੀਆਂ ਲਈ ਪੈਸਿਆਂ ਦੇ ਲੈਣ-ਦੇਣ ਦਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਿਨਾਂ ਪਰਚੀ ਅਤੇ ਬਿਨਾਂ ਖਰਚੀ ਦਾ ਦਾਅਵਾ ਕਰਨ ਵਾਲੀ ਸਰਕਾਰ ਦੇ ਰਾਜ ਵਿੱਚ ਜੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ, ਤਾਂ ਇਹ ਬੇਹੱਦ ਗੰਭੀਰ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਲਾਡਵਾ ਪੁਲੀਸ ਸਟੇਸ਼ਨ ਵਿੱਚ ਵਾਪਰੀ ਹਾਲੀਆ ਘਟਨਾ ਨੂੰ ਵੀ ਸ਼ਰਮਨਾਕ ਕਰਾਰ ਦਿੱਤਾ।
ਵਿਧਾਇਕ ਅਸ਼ੋਕ ਅਰੋੜਾ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਹਰਿਆਣਾ ਵਿੱਚ ਜਬਰਨ ਵਸੂਲੀ ਅਤੇ ਡਕੈਤੀ ਵਰਗੇ ਅਪਰਾਧ ਲਗਾਤਾਰ ਵਧ ਰਹੇ ਹਨ ਅਤੇ ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ। ਉਨ੍ਹਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ’ਤੇ ਤਨਜ਼ ਕਸਦਿਆਂ ਕਿਹਾ ਕਿ ਉਹ ਦੂਜੇ ਸੂਬਿਆਂ ਵਿੱਚ ਜਾ ਕੇ ਹਰਿਆਣਾ ਮਾਡਲ ਦਾ ਪ੍ਰਚਾਰ ਕਰ ਰਹੇ ਹਨ, ਜਦੋਂ ਕਿ ਖੁਦ ਉਨ੍ਹਾਂ ਦੇ ਆਪਣੇ ਸੂਬੇ ਦੇ ਨਾਗਰਿਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਗੈਂਗਸਟਰਾਂ ਦੀ ਖੇਡ ਦਾ ਮੈਦਾਨ ਬਣ ਚੁੱਕਾ ਹੈ।
