ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 10 ਫਰਵਰੀ
ਕਾਂਗਰਸ ਪਾਰਟੀ ਵੱਲੋਂ 13 ਫਰਵਰੀ ਨੂੰ ਪਿੰਡ ਮਿਰਜ਼ਾਪੁਰ ਵਿਚ ਹਲਕੇ ਦਾ ਕਿਸਾਨ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਦੇ ਸੰਦਰਭ ਵਿਚ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਅਸ਼ੋਕ ਅਰੋੜਾ ਨੇ ਬੈਠਕ ਕਰ ਕੇ ਸੰਮੇਲਨ ਦੀ ਸਫ਼ਲਤਾ ਲਈ ਕਾਰਕੁਨਾਂ ਦੀਆਂ ਡਿਊਟੀਆਂ ਲਾਈਆਂ। ਅਰੋੜਾ ਨੇ ਕਿਹਾ ਕਿ ਕਰੀਬ 75 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਵਿਚ 200 ਤੋਂ ਜ਼ਿਆਦਾ ਕਿਸਾਨਾਂ ਦੀ ਸ਼ਹਾਦਤ ਹੋ ਚੁੱਕੀ ਹੈ ਪਰ ਪ੍ਰਧਾਨ ਮੰਤਰੀ ਸਣੇ ਕਿਸੇ ਵੀ ਭਾਜਪਾ ਆਗੂ ਨੇ ਅੱਜ ਤੱਕ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪ੍ਰਤੀ ਹਮਦਰਦੀ ਪ੍ਰਗਟ ਨਹੀਂ ਕੀਤੀ। ਪ੍ਰਧਾਨ ਮੰਤਰੀ ਨੇ ਦੇਸ਼ ਦੇ ਅੰਨਦਾਤਾ ਕਿਸਾਨ ਦਾ ਅਪਮਾਨ ਕੀਤਾ ਹੈ। ਕਿਸਾਨਾਂ ਦਾ ਇਹ ਅੰਦੋਲਨ ਆਪਣੇ ਖੇਤ ਬਚਾਉਣ ਲਈ ਕੀਤਾ ਜਾ ਰਿਹਾ ਹੈ ਅਤੇ ਕਾਂਗਰਸ ਦਾ ਇਸ ਅੰਦੋਲਨ ਨੂੰ ਪੂਰਾ ਸਮਰਥਨ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਲੱਖਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਠੰਢ ਵਿਚ ਅੰਦੋਲਨ ਕਰ ਰਹੇ ਹਨ, ਜਿਸ ਵਿਚ ਮਹਿਲਾਵਾਂ ਤੇ ਛੋਟੇ ਛੋਟੇ ਬੱਚੇ ਵੀ ਸ਼ਾਮਲ ਹਨ ਪਰ ਪ੍ਰਧਾਨ ਮੰਤਰੀ ਕੋਲ ਇਨ੍ਹਾਂ ਦੀ ਸੁਧ ਲੈਣ ਦਾ ਸਮਾਂ ਨਹੀਂ। ਅਰੋੜਾ ਨੇ ਕਿਹਾ ਕਿ ਕੇਂਦਰ ਵਲੋਂ ਬਣਾਏ ਕਾਨੂੰਨਾਂ ਦਾ ਪ੍ਰਭਾਵ ਸਿਰਫ ਕਿਸਾਨ-ਮਜ਼ਦੂਰ ’ਤੇ ਹੀ ਨਹੀਂ ਦੇਸ਼ ਦੇ ਆਮ ਉਪਭੋਗਤਾ ’ਤੇ ਵੀ ਪਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਆਪਣੀ ਅੜੀ ਛੱਡ ਇਹ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ ਅਤੇ ਦੇਸ਼ ਵਿਚ ਐੱਮਐੱਸਪੀ ਦੀ ਗਰੰਟੀ ਵਾਲਾ ਕਾਨੂੰਨ ਬਣਾਉਣਾ ਚਾਹੀਦਾ ਹੈ। ਅਰੋੜਾ ਨੇ ਕਿਹਾ ਕਿ ਕਾਂਗਰਸ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਹਲਕਾ ਪੱਧਰੀ ਕਿਸਾਨ ਸੰਮੇਲਨ ਕਰਨ ਦਾ ਸਿਲਸਿਲਾ ਛੇੜਿਆ ਹੋਇਆ ਹੈ। ਇਸ ਮੌਕੇ ਮੇਹਰ ਸਿੰਘ ਰਾਮਗੜ੍ਹ, ਜਲੇਸ਼ ਸ਼ਰਮਾ, ਵਿਵੇਕ ਮਹਿਤਾ, ਸੁਰਿੰਦਰ ਫੌਜੀ, ਸ਼ਲੈਂਦਰ, ਸੁਰਿੰਦਰ ਸੈਣੀ, ਰਾਜ ਕੁਮਾਰ ਆਦਿ ਕਈ ਕਾਂਗਰਸੀ ਆਗੂ ਤੇ ਕਾਰਕੁਨ ਮੌਜੂਦ ਸਨ।