ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਪਰੈਲ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੂਬੇ ਦੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਜਦੋਂ ਤੱਕ ਹਰਿਆਣਾ ਨੂੰ ਐੱਸਵਾਈਐੱਲ ਨਹਿਰ ਰਾਹੀਂ ਉਸ ਦੇ ਹਿੱਸੇ ਦਾ ਪਾਣੀ, ਹਿੰਦੀ ਬੋਲਦੇ ਇਲਾਕੇ ਅਤੇ ਰਾਜਧਾਨੀ ਚੰਡੀਗੜ੍ਹ ਦਾ ਹੱਕ ਨਹੀਂ ਮਿਲ ਜਾਂਦਾ, ਉੱਦੋਂ ਤੱਕ ਲੜਾਈ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਪਹਿਲਾਂ ਹਰਿਆਣਾ ਨੂੰ ਪਾਣੀ ਦਿੱਤਾ ਜਾਵੇ, ਬਾਕੀ ਮੁੱਦਿਆਂ ਨਾਲ ਬਾਅਦ ਵਿੱਚ ਨਜਿੱਠਿਆ ਜਾਵੇਗਾ।
ਸ੍ਰੀ ਹੁੱਡਾ ਨੇ ਕਿਹਾ ਕਿ ਕਾਂਗਰਸ ਸੂਬੇ ਦੇ ਹੱਕਾਂ ਲਈ ਸੱਤਾਧਾਰੀ ਧਿਰ ਨਾਲ ਹਰ ਸਮੇਂ ਖੜ੍ਹੀ ਹੈ। ਉਨ੍ਹਾਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਿਹਾ ਕਿ ਉਹ ਸੂਬੇ ਦੇ ਹੱਕਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਮਿਲਣ ਦਾ ਸਮਾਂ ਲੈਣ। ਕਾਂਗਰਸ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੇਗੀ। ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਨੇ ਸੂਬੇ ਦੇ ਹੱਕਾਂ ਲਈ ਕੇਂਦਰ ਕੋਲ ਆਵਾਜ਼ ਨਾ ਉਠਾਈ ਤਾਂ ਕਾਂਗਰਸ ਵੱਲੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸੂਬੇ ਵਿੱਚ ਖਾਦ ਦੀਆਂ ਕੀਮਤਾਂ ਤੇ ਬਿਜਲੀ ਦਰਾਂ ਵੀ ਵਧਦੀਆਂ ਜਾ ਰਹੀਆਂ ਹਨ। ਸੂਬੇ ਵਿੱਚ ਬੇਰੁਜ਼ਗਾਰੀ ਵਧ ਰਹੀ ਹੈ। ਭ੍ਰਿਸ਼ਟਾਚਾਰ ਬੇਕਾਬੂ ਹੁੰਦਾ ਜਾ ਰਿਹਾ ਹੈ। ਅੱਜ ਹਰ ਵਰਗ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ। ਉਨ੍ਹਾਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕੋਲੋਂ ਸੂਬੇ ਦੇ ਲੋਕਾਂ ਦੇ ਮਸਲੇ ਹੱਲ ਕਰਨ ਦੀ ਮੰਗ ਕੀਤੀ।