ਚੰਡੀਗੜ੍ਹ, 28 ਅਗਸਤ
ਮੰਤਰੀ ਸੰਦੀਪ ਸਿੰਘ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੱਜ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕਾਂ ਨੇ ਹਰਿਆਣਾ ਵਿਧਾਨ ਸਭਾ ’ਚੋਂ ਵਾਕਆਊਟ ਕੀਤਾ। ਇਸ ਦੌਰਾਨ ਕਾਂਗਰਸੀ ਮਹਿਲਾ ਵਿਧਾਇਕਾਂ ਨੇ ਖੱਟਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਪੀਕਰ ਗਿਆਨ ਚੰਦ ਗੁਪਤਾ ਨੇ ਕਿਹਾ ਕਿ ਮਾਮਲਾ ਅਦਾਲਤ ’ਚ ਵਿਚਾਰ ਅਧੀਨ ਹੋਣ ਕਾਰਨ ਇਸ ‘ਤੇ ਚਰਚਾ ਨਹੀਂ ਕੀਤੀ ਜਾ ਸਕਦੀ। ਇਸ ਮਗਰੋਂ ਭਾਜਪਾ ਵਿਧਾਇਕਾਂ ਨੇ ਨਾਅਰੇਬਾਜ਼ੀ ਵੀ ਕੀਤੀ। ਸ੍ਰੀ ਗੁਪਤਾ ਨੇ ਕਿਹਾ ਕਿ ਹਾਲੇ ਸੰਦੀਪ ਸਿੰਘ ਦੋਸ਼ੀ ਸਾਬਤ ਨਹੀਂ ਹੋਇਆ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕ ਸਦਨ ਦੇ ਵਿੱਚ ਆ ਗਏ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਵਿਰੋਧੀ ਧਿਰ ਉਨ੍ਹਾਂ ਨੂੰ ਮੰਤਰੀ ਤੋਂ ਅਸਤੀਫਾ ਲੈਣ ਣ ਲਈ ਮਜਬੂਰ ਨਹੀਂ ਕਰ ਸਕਦੀ।