ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 15 ਜੂਨ
ਅੰਬਾਲਾ ਦੇ ਕਾਂਗਰਸੀ ਵਰਕਰਾਂ ਨੇ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਏਡੀ ਵੱਲੋਂ ਵਾਰ-ਵਾਰ ਪ੍ਰੇਸ਼ਾਨ ਕਰਨ ਅਤੇ ਦਿੱਲੀ ਪੁਲੀਸ ਵੱਲੋਂ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਵੜ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਤੇ ਜ਼ਾਲਮਾਨਾ ਢੰਗ ਨਾਲ ‘ਅੱਤਿਆਚਾਰ’ ਖ਼ਿਲਾਫ਼ ਸ਼ਹਿਰ ਦੇ ਜਗਾਧਰੀ ਗੇਟ ’ਤੇ ਨਾਅਰੇਬਾਜ਼ੀ ਕਰਦਿਆਂ ਈਡੀ ਅਤੇ ਦਿੱਲੀ ਪੁਲੀਸ ਦੇ ਪੁਤਲੇ ਸਾੜੇ।
ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕੈਸ਼ੀਅਰ ਐਡਵੋਕੇਟ ਰੋਹਿਤ ਜੈਨ ਨੇ ਕਿਹਾ ਕਿ ਈਡੀ ਵੱਲੋਂ ਕੇਂਦਰ ਸਰਕਾਰ ਦੇ ਕਥਿਤ ਇਸ਼ਾਰੇ ’ਤੇ ਨੈਸ਼ਨਲ ਹੈਰਾਲਡ ਕੇਸ ਵਿਚ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ਦੀ ਟੀਮ ਵੱਲੋਂ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਵਿਚ ਵੜ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ’ਤੇ ਕੀਤਾ ਗਿਆ ਅੱਤਿਆਚਾਰ ਨਿੰਦਣਯੋਗ ਹੈ। ਉਨ੍ਹਾਂ ਦੱਸਿਆ ਕਿ ਉਕਤ ਕਾਰਵਾਈਆਂ ਦੇ ਵਿਰੋਧ ਵਿੱਚ ਅੱਜ ਈਡੀ ਅਤੇ ਦਿੱਲੀ ਪੁਲੀਸ ਦਾ ਪੁਤਲਾ ਸਾੜਿਆ ਹੈ।