ਕਾਂਗਰਸੀਆਂ ਨੇ ਰਾਜੀਵ ਗਾਂਧੀ ਦਾ ਜਨਮ ਦਿਨ ਮਨਾਇਆ
ਕਾਂਗਰਸ ਪਾਰਟੀ ਦੇ ਵਰਕਰਾਂ ਨੇ ਇੱਥੋਂ ਦੇ ਇੰਟਕ ਭਵਨ ਵਿੱਚ ਭਾਰਤ ਰਤਨ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ 81ਵਾਂ ਜਨਮ ਦਿਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਦੇਵੇਂਦਰ ਸਿੰਘ, ਦਿਹਾਤੀ ਜ਼ਿਲ੍ਹਾ ਪ੍ਰਧਾਨ ਨਰਪਾਲ ਸਿੰਘ ਅਤੇ ਸਾਬਕਾ ਕੋਆਰਡੀਨੇਟਰ ਸ਼ਿਆਮ ਸੁੰਦਰ ਬੱਤਰਾ ਨੇ ਕੀਤੀ। ਇਸ ਮੌਕੇ ਕਾਂਗਰਸੀ ਆਗੂਆਂ ਨੇ ਰਾਜੀਵ ਗਾਂਧੀ ਦੀ ਤਸਵੀਰ ’ਤੇ ਫੁੱਲ ਚੜ੍ਹਾ ਕੇ ਉਨ੍ਹਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਦੇਵੇਂਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜੀਵ ਗਾਂਧੀ ਇੱਕ ਦੂਰਦਰਸ਼ੀ ਨੇਤਾ ਸਨ ਜਿਨ੍ਹਾਂ ਨੇ ਦੇਸ਼ ਨੂੰ ਆਧੁਨਿਕਤਾ ਵੱਲ ਲਿਜਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਸੂਚਨਾ ਤਕਨਾਲੋਜੀ, ਪੰਚਾਇਤੀ ਰਾਜ ਅਤੇ ਨੌਜਵਾਨਾਂ ਨੂੰ ਰਾਜਨੀਤੀ ਨਾਲ ਜੋੜਨ ਦੀ ਪਹਿਲ ਰਾਜੀਵ ਗਾਂਧੀ ਦੇ ਕਾਰਜਕਾਲ ਦੀਆਂ ਇਤਿਹਾਸਕ ਪ੍ਰਾਪਤੀਆਂ ਰਹੀਆਂ ਹਨ। ਦਿਹਾਤੀ ਜ਼ਿਲ੍ਹਾ ਪ੍ਰਧਾਨ ਨਰਪਾਲ ਸਿੰਘ ਨੇ ਕਿਹਾ ਕਿ ਰਾਜੀਵ ਗਾਂਧੀ ਹਮੇਸ਼ਾ ਗਰੀਬਾਂ, ਕਿਸਾਨਾਂ ਅਤੇ ਨੌਜਵਾਨਾਂ ਦੇ ਹਿੱਤਾਂ ਦੀ ਗੱਲ ਕਰਦੇ ਸਨ ਜਦੋਂ ਕਿ ਸਾਬਕਾ ਉਮੀਦਵਾਰ ਰਮਨ ਤਿਆਗੀ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਪੰਚਾਇਤਾਂ ਨੂੰ ਵਧੇਰੇ ਅਧਿਕਾਰ ਦੇ ਕੇ ਲੋਕਤੰਤਰ ਦੀਆਂ ਜੜ੍ਹਾਂ ਨੂੰ ਮਜ਼ਬੂਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਜਦੋਂ ਵਿਰੋਧੀ ਧਿਰ ‘ਤੇ ਦਮਨਕਾਰੀ ਨੀਤੀਆਂ ਥੋਪੀਆਂ ਜਾ ਰਹੀਆਂ ਹਨ, ਅਜਿਹੇ ਸਮੇਂ ਸਾਨੂੰ ਰਾਜੀਵ ਗਾਂਧੀ ਦੇ ਵਿਚਾਰਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਮੌਕੇ ਸਾਬਕਾ ਕੋਆਰਡੀਨੇਟਰ ਸ਼ਿਆਮ ਸੁੰਦਰ ਬੱਤਰਾ ਨੇ ਰਾਜੀਵ ਗਾਂਧੀ ਦੇ
ਯੋਗਦਾਨ ਨੂੰ ਯਾਦ ਕੀਤਾ।