ਸਥਾਨਕ ਆਰੀਆ ਕੰਨਿਆ ਕਾਲਜ ਵਿੱਚ ਅੱਜ ਸੰਵਿਧਾਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਕਾਲਜ ਪ੍ਰਿੰਸੀਪਲ ਡਾ. ਆਰਤੀ ਤਰੇਹਨ, ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਮ ਲਾਲ ਗੁਪਤਾ ਅਤੇ ਮੀਤ ਪ੍ਰਧਾਨ ਕੁਲਦੀਪ ਗੁਪਤਾ ਨੇ ਮੁੱਖ ਤੌਰ ’ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦੇ ਪਾਠ ਨਾਲ ਹੋਈ, ਜਿਸ ਦੀ ਅਗਵਾਈ ਕਾਲਜ ਪ੍ਰਿੰਸੀਪਲ ਨੇ ਕੀਤੀ।
ਡਾ. ਆਰਤੀ ਤਰੇਹਨ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਸਿਰਫ਼ ਕਾਨੂੰਨੀ ਦਸਤਾਵੇਜ਼ ਨਹੀਂ, ਸਗੋਂ ਇੱਕ ਜੀਵਤ ਭਾਵਨਾ ਹੈ ਜੋ ਇਸ ਵਿਭਿੰਨਤਾ ਵਾਲੇ ਰਾਸ਼ਟਰ ਨੂੰ ਇੱਕ ਲੜੀ ਵਿੱਚ ਪਰੋ ਕੇ ਰੱਖਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਅੱਜ ਦਾ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਲੋਕਤੰਤਰ ਦੀ ਅਸਲ ਤਾਕਤ ਨਾਗਰਿਕਾਂ ਦੀ ਆਜ਼ਾਦੀ, ਸਮਾਨਤਾ ਅਤੇ ਫਰਜ਼ਾਂ ਵਿੱਚ ਹੈ। ਉਨ੍ਹਾਂ ਕਿਹਾ ਕਿ ਬਦਲਦੇ ਸਮੇਂ ਵਿੱਚ ਸੰਵਿਧਾਨ ਹੀ ਸਾਨੂੰ ਸਥਿਰਤਾ, ਦਿਸ਼ਾ ਅਤੇ ਲੋਕਤੰਤਰੀ ਚੇਤਨਾ ਪ੍ਰਦਾਨ ਕਰਦਾ ਹੈ।
ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਕੁਲਦੀਪ ਗੁਪਤਾ ਨੇ ਸੰਵਿਧਾਨ ਦੀ ਮਹੱਤਤਾ, ਇਸ ਦਾ ਖਰੜਾ ਤਿਆਰ ਕਰਨ ਦੀ ਪ੍ਰਕਿਰਿਆ ਅਤੇ ਲੋਕਤੰਤਰੀ ਭਾਰਤ ਦੇ ਨਿਰਮਾਣ ਵਿੱਚ ਇਸ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥਣਾਂ ਨੂੰ ਸੰਵਿਧਾਨ ਵੱਲੋਂ ਦਿੱਤੇ ਗਏ ਅਧਿਕਾਰਾਂ ਅਤੇ ਫਰਜ਼ਾਂ ਬਾਰੇ ਜਾਗਰੂਕ ਕੀਤਾ। ਰਾਜਨੀਤੀ ਸ਼ਾਸਤਰ ਵਿਭਾਗ ਦੀ ਮੁਖੀ ਪੂਜਾ ਨੇ ਵਿਦਿਆਰਥਣਾਂ ਨੂੰ ਸੰਵਿਧਾਨਕ ਕਦਰਾਂ-ਕੀਮਤਾਂ, ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੀ ਸਾਰਥਕਤਾ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸੰਵਿਧਾਨ ਭਾਰਤ ਦੇ ਲੋਕਤੰਤਰੀ ਤਾਣੇ-ਬਾਣੇ ਦੀ ਆਤਮਾ ਹੈ।

