ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਦਾ ਨਿਰਮਾਣ 27 ਤੋਂ ਹੋਵੇਗਾ ਸ਼ੁਰੂ

ਸਿੱਖ ਜਰਨੈਲ ਦੇ ਜਨਮ ਦਿਹਾਡ਼ੇ ’ਤੇ ਰੱਖਿਆ ਜਾਵੇਗਾ ਨੀਂਹ ਪੱਥਰ
ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਦੇ ਨਿਰਮਾਣ ਸਬੰਧੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਕੰਵਰਪਾਲ ਤੇ ਮੁੱਖ ਮੰਤਰੀ ਦੇ ਓ ਐੱਸ ਡੀ ਡਾ. ਪ੍ਰਭਲੀਨ ਸਿੰਘ।
Advertisement

ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ’ਤੇ ਸਥਿਤ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਲੋਹਗੜ੍ਹ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਇੱਕ ਵਿਸ਼ਵ-ਪੱਧਰੀ ਯਾਦਗਾਰ ਦਾ ਨਿਰਮਾਣ ਕੀਤਾ ਜਾਵੇਗਾ। ਇਸ ਇਤਿਹਾਸਕ ਪ੍ਰਾਜੈਕਟ ਦਾ ਨੀਂਹ ਪੱਥਰ 27 ਅਕਤੂਬਰ 2025 ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਮੌਕੇ ਰੱਖਿਆ ਜਾਵੇਗਾ। ਇਹ ਫੈਸਲਾ ਜ਼ਿਲ੍ਹਾ ਸਕੱਤਰੇਤ ਵਿੱਚ ਸਾਬਕਾ ਕੈਬਨਿਟ ਮੰਤਰੀ ਕੰਵਰਪਾਲ ਗੁੱਜਰ ਦੀ ਪ੍ਰਧਾਨਗੀ ਹੇਠ ਹੋਈ ਉੱਚ-ਪੱਧਰੀ ਮੀਟਿੰਗ ਵਿੱਚ ਲਿਆ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਵੀ ਮੌਜੂਦ ਸਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਕੰਵਰਪਾਲ ਗੁੱਜਰ ਨੇ ਕਿਹਾ ਕਿ ਇਹ ਯਾਦਗਾਰ ਹਰਿਆਣਾ ਸਰਕਾਰ ਦਾ ਇੱਕ ਸੁਪਨਮਈ ਪ੍ਰਾਜੈਕਟ ਹੈ, ਜਿਸ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਅਤੇ ਮੌਜੂਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੂਰੀ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਥਾਨ ਨਾ ਸਿਰਫ਼ ਇੱਕ ਯਾਦਗਾਰ ਹੋਵੇਗਾ, ਸਗੋਂ ਇੱਕ ਵਿਸ਼ਵ-ਪ੍ਰਸਿੱਧ ਮੀਲ ਪੱਥਰ ਸਾਬਤ ਹੋਵੇਗਾ ਜੋ ਦੇਸ਼-ਵਿਦੇਸ਼ ਤੋਂ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ। ਉਨ੍ਹਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਮੁਗਲ ਸ਼ਾਸਕਾਂ ਵਿਰੁੱਧ ਸੰਘਰਸ਼ ਅਤੇ ਸੱਭਿਆਚਾਰਕ ਵਿਰਾਸਤ ਦੀ ਰੱਖਿਆ ਵਿੱਚ ਪਾਏ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੀ ਬਹਾਦਰੀ, ਸੰਘਰਸ਼ ਅਤੇ ਹਿੰਮਤ ਤੋਂ ਪ੍ਰੇਰਨਾ ਦੇਵੇਗੀ। ਇਸ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਇਤਿਹਾਸਕ ਵਿਰਾਸਤ ਤੋਂ ਜਾਣੂ ਕਰਵਾਉਣਾ ਹੈ।

Advertisement

ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਦੱਸਿਆ ਕਿ 27 ਅਕਤੂਬਰ ਨੂੰ ਉਸਾਰੀ ਦੇ ਸ਼ੁਭ ਆਰੰਭ ਮੌਕੇ ਵੱਡੇ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਸਮੂਹ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਦੇ ਓ ਐੱਸ ਡੀ, ਡਾ. ਪ੍ਰਭਲੀਨ ਸਿੰਘ ਨੇ ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸਕ ਪਿਛੋਕੜ ’ਤੇ ਚਾਨਣਾ ਪਾਇਆ ਅਤੇ ਲੋਕਾਂ ਨੂੰ ਜਨਮ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਮੀਟਿੰਗ ਵਿੱਚ ਐੱਸ ਡੀ ਐੱਮ ਜਸਪਾਲ ਸਿੰਘ ਗਿੱਲ, ਟਰੱਸਟ ਦੇ ਮੈਂਬਰ ਐੱਸ ਐੱਸ ਪਾਹਵਾ, ਖਾਲਸਾ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

Advertisement
Show comments