ਆਤਿਸ਼ ਗੁਪਤਾ
ਚੰਡੀਗੜ੍ਹ, 29 ਅਪਰੈਲ
ਹਰਿਆਣਾ ਵਿੱਚ ਕਰੋਨਾਵਾਇਰਸ ਦੇ ਲਗਾਤਾਰ ਵਧ ਰਹੇ ਕੇਸਾਂ ਨੇ ਸੂਬੇ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ ਹੈ। ਮਹਾਮਾਰੀ ’ਤੇ ਕਾਬੂ ਪਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੀ ਜਾ ਰਹੀ ਜਦੋ-ਜਹਿਦ ਵੀ ਕਾਮਯਾਬ ਨਹੀਂ ਹੋ ਪਾ ਰਹੀ ਹੈ। ਸੂਬੇ ਵਿੱਚ ਕਰੋਨਾ ਮਰੀਜ਼ਾਂ ਦੀ ਇੰਨੀ ਵੱਡੀ ਗਿਣਤੀ ਅੱਗੇ ਹਸਪਤਾਲਾਂ ਵਿੱਚ ਆਈਸੀਯੂ ਬੈੱਡਾਂ ਅਤੇ ਆਕਸੀਜਨ ਦੀ ਘਾਟ ਕਰਕੇ ਹਾਹਾਕਾਰ ਮੱਚ ਗਿਆ ਹੈ। ਹਸਪਤਾਲਾਂ ਦੇ ਬਾਹਰ ਮਰੀਜ਼ਾਂ ਦੇ ਇਲਾਜ ਅਤੇ ਆਕਸੀਜਨ ਦੀ ਭਾਲ ਲਈ ਲੋਕ ਇੱਧਰ-ਉੱਧਰ ਭਟਕ ਰਹੇ ਹਨ।
ਗੁਰੂਗ੍ਰਾਮ, ਗੋਹਾਣਾ, ਚਰਖੀ-ਦਾਦਰੀ, ਸੋਨੀਪਤ, ਪਾਣੀਪਤ ਅਤੇ ਬਹਾਦਰਗੜ੍ਹ ਵਿੱਚ ਲੋਕ ਰੋਜ਼ਾਨਾ ਆਕਸੀਜਨ ਦੀ ਭਾਲ ਵਿੱਚ ਸੈਂਕੜੇ ਕਿਲੋਮੀਟਰ ਫਿਰਦੇ ਵਿਖਾਈ ਦਿੰਦੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਆਕਸੀਜਨ ਅਤੇ ਦਵਾਈਆਂ ਨਹੀਂ ਮਿਲ ਰਹੀਆਂ ਹਨ। ਸਰਕਾਰ ਵੱਲੋਂ ਵੱਖ-ਵੱਖ ਸ਼ਹਿਰਾਂ ਦੇ ਹਸਪਤਾਲਾਂ ਵਿੱਚ ਆਰਜ਼ੀ ਤੌਰ ’ਤੇ ਬੈੱਡਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਫਰੀਦਾਬਾਦ ਦੇ ਸਰਕਾਰੀ ਹਸਪਤਾਲ ਈਐੱਸਆਈ ਨੇ ਤਾਂ ਬਾਹਰ ਬੋਰਡ ਲਗਾ ਦਿੱਤਾ ਹੈ ਜਿਸ ’ਤੇ ਲਿਖਿਆ ਹੈ ਕਿ ‘ਅੱਜ ਦੀ ਤਾਰੀਖ ਵਿੱਚ ਹਸਪਤਾਲ ਕੋਲ ਕੋਈ ਆਈਸੀਯੂ ਬੈੱਡ ਅਤੇ ਆਕਸੀਜਨ ਨਹੀਂ ਹਨ। ਸਾਨੂੰ ਮੁਆਫ਼ ਕੀਤਾ ਜਾਵੇ।’ ਇਸ ਬੋਰਡ ਨੂੰ ਦੇਖ ਕੇ ਲੋਕਾਂ ਵੱਲੋਂ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਜਾ ਰਹੇ ਹਨ। ਫਰੀਦਾਬਾਦ ਦੇ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਚਾਚੇ ਨੂੰ ਇਲਾਜ ਲਈ ਲੈ ਕੇ ਆਇਆ ਹੈ ਪਰ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਹੀ ਨਹੀਂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਸਰਕਾਰੀ ਹਸਪਤਾਲਾਂ ਦਾ ਅਜਿਹਾ ਹਾਲ ਹੋ ਰਿਹਾ ਹੈ ਤਾਂ ਗਰੀਬ ਵਿਅਕਤੀ ਕਿੱਥੇ ਇਲਾਜ ਕਰਵਾ ਸਕਦਾ ਹੈ। ਇਸੇ ਤਰ੍ਹਾਂ ਸੁਨੀਤਾ ਨਾਮ ਦੀ ਲੜਕੀ ਰੋਂਦੀ ਹੋਈ ਵਿਖਾਈ ਦਿੱਤੀ ਜਿਸ ਦਾ ਕਹਿਣਾ ਸੀ ਕਿ ਉਹ ਆਪਣੀ ਮਾਂ ਦੀ ਸਿਹਤ ਖ਼ਰਾਬ ਹੋਣ ਕਰਕੇ ਆਈ ਹੈ ਪਰ ਹਸਪਤਾਲ ਪ੍ਰਸ਼ਾਸਨ ਉਨ੍ਹਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਇਨ੍ਹਾਂ ਹੀ ਨਹੀਂ ਮ੍ਰਿਤਕ ਜੀਤ ਲਾਲ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਹਸਪਤਾਲ ਪ੍ਰਸ਼ਾਸਨ ਉਨ੍ਹਾਂ ਨਾਲ ਸਿੱਧੇ ਮੂੰਹ ਗੱਲ ਨਹੀਂ ਕਰ ਰਿਹਾ ਹੈ। ਦੂਜੇ ਪਾਸੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਸਿਹਤ ਮੰਤਰੀ ਅਨਿਲ ਵਿੱਜ ਸੂਬੇ ਵਿੱਚ ਕਰੋਨਾ ਮਰੀਜ਼ਾਂ ਲਈ ਪੁਖ਼ਤਾ ਪ੍ਰਬੰਧ ਹੋਣ ਦੇ ਦਾਅਵੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਆਕਸੀਜਨ ਦਾ ਕੋਟਾ ਵਧਾ ਕੇ 232 ਐੱਮਟੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਜ਼ਾਰਾਂ ਬੈੱਡਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਬੈੱਡ ਜਾਂ ਆਕਸੀਜਨ ਨਾ ਮਿਲਣ ’ਤੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਘਰ ਮੂਹਰੇ ਡੇਰੇ ਲਾਓ: ਚੜੂਨੀ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ ਪਰ ਕੇਂਦਰ ਅਤੇ ਹਰਿਆਣਾ ਸਰਕਾਰ ਲੋਕਾਂ ਨੂੰ ਮੁੱਢਲੀ ਸਹੂਲਤਾਂ ਦੇਣ ਵਿੱਚ ਕਾਮਯਾਬ ਨਹੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਹਸਪਤਾਲਾਂ ਵਿੱਚ ਲੋਕਾਂ ਨੂੰ ਬੈੱਡ ਜਾਂ ਆਕਸੀਜਨ ਨਹੀਂ ਮਿਲ ਰਹੀ ਹੈ, ਉਹ ਆਪਣੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਘਰ ਮੂਹਰੇ ਡੇਰੇ ਲਗਾਉਣ। ਇਸ ਨਾਲ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਸਰਕਾਰ ਦੀ ਨਾਕਾਮੀ ਦਾ ਪਤਾ ਲੱਗ ਸਕੇਗਾ।