ਆਤਿਸ਼ ਗੁਪਤਾ
ਚੰਡੀਗੜ੍ਹ, 12 ਮਈ
ਹਰਿਆਣਾ ਦੇ ਪੇਂਡੂ ਖੇਤਰ ਵਿੱਚ ਕਰੋਨਾਵਾਇਰਸ ਦੇ ਵਧ ਰਹੇ ਕੇਸਾਂ ਦੀ ਰੋਕਥਾਮ ਲਈ ਸੂਬਾ ਸਰਕਾਰ ਨੇ ਜੱਦੋ-ਜਹਿਦ ਸ਼ੁਰੂ ਕਰ ਦਿੱਤੀ ਹੈ। ਜਿੱਥੇ ਪਿੰਡਾਂ ਵਿੱਚ ਸਕਰੀਨਿੰਗ ਅਤੇ ਟੈਸਟਿੰਗ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ, ਉੱਥੇ ਕਰੋਨਾ ਦੀ ਰੋਕਥਾਮ ਲਈ ਪਿੰਡਾਂ ਵਿੱਚ ਠੀਕਰੀ ਪਹਿਰੇ ਲਾਉਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਕਿ ਪਿੰਡਾਂ ਵਿੱਚ ਆਉਣ-ਜਾਣ ਵਾਲੇ ਹਰ ਵਿਅਕਤੀ ’ਤੇ ਨਜ਼ਰ ਰੱਖੀ ਜਾ ਸਕੇ। ਇਸ ਨਾਲ ਕਰੋਨਾ ਦੇ ਪਸਾਰ ਨੂੰ ਰੋਕਿਆ ਜਾ ਸਕੇਗਾ। ਹਰਿਆਣਾ ਸਰਕਾਰ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਸਾਲ ਵੀ ਕਰੋਨਾ ਦੌਰਾਨ ਸੂਬਾ ਸਰਕਾਰ ਨੇ ਪਿੰਡਾਂ ਵਿੱਚ ਠੀਕਰੀ ਪਹਿਰੇ ਲਗਾਉਣ ਦੀ ਹਦਾਇਤਾਂ ਦਿੱਤੀਆਂ ਸਨ ਜੋ ਕਰੋਨਾ ਦੀ ਰੋਕਥਾਮ ਲਈ ਬਹੁਤ ਕਾਰਗਰ ਸਾਬਤ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਰਾਹੀਂ ਪਿੰਡਾਂ ਵਿੱਚ ਠੀਕਰੀ ਪਹਿਰੇ ਲਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਜਾਣਗੇ। ਇਸ ਤੋਂ ਇਲਾਵਾ ਵੀ ਹਰਿਆਣਾ ਸਰਕਾਰ ਨੇ 8 ਹਜ਼ਾਰ ਟੀਮਾਂ ਰਾਹੀਂ ਸੂਬੇ ਦੇ ਪਿੰਡਾਂ ਵਿੱਚ ਘਰ-ਘਰ ਸਕਰੀਨਿੰਗ ਸ਼ੁਰੂ ਕਰ ਦਿੱਤੀ ਹੈ।
ਦੂਜੇ ਪਾਸੇ ਸੂਬੇ ਵਿੱਚ ਆਕਸੀਜਨ, ਆਕਸੀਜਨ ਸਿਲੰਡਰ, ਰੈਮਡੇਸਿਵਰ ਦੀ ਕਾਲਾਬਾਜ਼ਾਰੀ ਰੋਕਣ ਲਈ ਕਦਮ ਚੁੱਕੇ ਜਾ ਰਹੇ ਹਨ। ਹਰਿਆਣਾ ਪੁਲੀਸ ਨੇ 18 ਦਿਨਾਂ ਵਿੱਚ 67 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 409 ਆਕਸੀਜਨ ਸਿਲੰਡਰ ਅਤੇ 130 ਰੈਮਡੇਸਿਵਰ ਟੀਕੇ ਬਰਾਮਦ ਕੀਤੇ ਗਏ ਹਨ।
ਕਿਸੇ ਤਰ੍ਹਾਂ ਦੀ ਕਾਲਾਬਾਜ਼ਾਰੀ ਬਰਦਾਸ਼ਤ ਨਹੀਂ ਕਰਾਂਗੇ: ਡੀਜੀਪੀ
ਡੀਜੀਪੀ ਮਨੋਜ ਯਾਦਵ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਦੌਰਾਨ ਕਿਸੇ ਤਰ੍ਹਾਂ ਦੀ ਕਾਲਾਬਾਜ਼ਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਕਾਲਾਬਾਜ਼ਾਰੀ ਕਰਦਾ ਹੈ ਤਾਂ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਜਾਵੇ। ਅਜਿਹੇ ਵਿਅਕਤੀ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।