ਅੰਬਾਲਾ: ਨਗਰ ਨਿਗਮ, ਨਗਰ ਕੌਂਸਲ, ਨਗਰ ਪਾਲਿਕਾ ਅਤੇ ਫਾਇਰ ਵਿਭਾਗ ਦੇ ਮੁਲਾਜ਼ਮਾਂ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਮੁੜ ਮੋਰਚਾ ਖੋਲ੍ਹ ਦਿੱਤਾ ਹੈ। ਨਗਰ ਪਾਲਿਕਾ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਅੱਜ ਮੁਲਾਜ਼ਮਾਂ ਨੇ ਕਾਲੇ ਝੰਡੇ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ। ਉਨ੍ਹਾਂ ਭਲਕੇ ਵੀ ਕੰਮ ਬੰਦ ਰੱਖ ਕੇ ਵਿਰੋਧ ਕਰਨ ਦਾ ਐਲਾਨ ਕੀਤਾ। ਜਾਣਕਾਰੀ ਅਨੁਸਾਰ ਅੰਬਾਲਾ ਨਗਰ ਨਿਗਮ ਦੇ ਮੇਨ ਗੇਟ ਅੱਗੇ ਇਕੱਠੇ ਹੋਏ ਮੁਲਾਜ਼ਮਾਂ ਨੇ ਸਵੇਰੇ ਕਾਲੇ ਝੰਡੇ ਹੱਥ ਵਿੱਚ ਫੜ ਕੇ ਧਰਨਾ ਦਿੱਤਾ। ਬਾਅਦ ਵਿੱਚ ਉਨ੍ਹਾਂ ਨਾਅਰੇਬਾਜ਼ੀ ਕਰਦਿਆਂ ਸ਼ਹਿਰ ਵਿਚ ਰੋਸ ਮਾਰਚ ਕੱਢਿਆ। ਨਗਰ ਪਾਲਿਕਾ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੇਵਾ ਸਿੰਘ ਨੇ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ ਭੰਗ ਕਰਨ, ਬਰਾਬਰ ਕੰਮ-ਬਰਾਬਰ ਤਨਖ਼ਾਹ ਦੀ ਨੀਤੀ ਲਾਗੂ ਕਰਨ ਅਤੇ ਕੱਚੇ ਕਰਮਚਾਰੀ ਪੱਕੇ ਕਰਨ ਦੀ ਮੰਗ ਕੀਤੀ। -ਨਿੱਜੀ ਪੱਤਰ ਪ੍ਰੇਰਕ