ਨਿਗਮ ਮੁਲਾਜ਼ਮਾਂ ਵੱਲੋਂ ਤਨਖ਼ਾਹਾਂ ਦਾ ਬਕਾਇਆ ਜਾਰੀ ਕਰਨ ਦੀ ਮੰਗ
ਸਰਵ ਕਰਮਚਾਰੀ ਸੰਘ ਹਰਿਆਣਾ ਨਾਲ ਸਬੰਧਤ ਨਗਰ ਨਿਗਮ ਕਰਮਚਾਰੀ ਯੂਨੀਅਨ ਜਗਾਧਰੀ ਨੇ ਨਗਰ ਨਿਗਮ ਦਫ਼ਤਰ ਅੱਗੇ ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇ ਬਕਾਏ ਦੀ ਅਦਾਇਗੀ ’ਤੇ ਚਰਚਾ ਕਰਨ ਲਈ ਗੇਟ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਯਮੁਨਾਨਗਰ ਇਕਾਈ ਦੇ ਪ੍ਰਧਾਨ ਪਪਲਾ ਨੇ ਕੀਤੀ ਜਦਕਿ ਸੀਨੀਅਰ ਉਪ ਪ੍ਰਧਾਨ ਰਮੇਸ਼ ਕੁਮਾਰ ਟੋਡਰਪੁਰ ਨੇ ਮੰਚ ਸੰਚਾਲਨ ਕੀਤਾ। ਸਰਵ ਕਰਮਚਾਰੀ ਸੰਘ ਹਰਿਆਣਾ ਦੇ ਪ੍ਰਧਾਨ ਮੁਕੇਸ਼ ਕੁਮਾਰ ਨੇ ਦੱਸਿਆ ਕਿ ਯੂਨੀਅਨ ਅਤੇ ਸਥਾਨਕ ਪ੍ਰਸ਼ਾਸਨ ਵਿਚਕਾਰ ਬਕਾਏ ਨੂੰ ਲੈ ਕੇ ਕਈ ਵਾਰ ਚਰਚਾ ਹੋਈ ਹੈ ਪਰ ਯੂਨੀਅਨ ਦੇ ਵਫ਼ਦ ਨਾਲ ਵਾਰ-ਵਾਰ ਚਰਚਾ ਕਰਨ ਦੇ ਬਾਵਜੂਦ ਸਥਾਨਕ ਪ੍ਰਸ਼ਾਸਨ ਅਜੇ ਵੀ ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇ ਬਕਾਏ ਦੀ ਅਦਾਇਗੀ ਕਰਨ ਤੋਂ ਝਿਜਕ ਰਿਹਾ ਹੈ, ਜਿਸ ਕਾਰਨ ਕਰਮਚਾਰੀਆਂ ਵਿੱਚ ਰੋਸ ਹੈ। ਸਥਾਨਕ ਪ੍ਰਸ਼ਾਸਨ ਨੇ ਦੀਵਾਲੀ ਤੋਂ ਪਹਿਲਾਂ ਬਕਾਏ ਦਾ ਭੁਗਤਾਨ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਤੱਕ ਬਕਾਏ ਦਾ ਭੁਗਤਾਨ ਨਹੀਂ ਕੀਤਾ ਗਿਆ, ਜਿਸ ਕਾਰਨ ਯੂਨੀਅਨ ਨੂੰ ਬੈਠਕ ਅਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਬਕਾਇਆ ਜਲਦੀ ਹੀ ਕਰਮਚਾਰੀਆਂ ਦੇ ਖਾਤਿਆਂ ਵਿੱਚ ਜਮ੍ਹਾਂ ਨਹੀਂ ਕਰਵਾਇਆ ਗਿਆ ਤਾਂ ਯੂਨੀਅਨ ਹੜਤਾਲ ’ਤੇ ਜਾਣ ਲਈ ਮਜਬੂਰ ਹੋਵੇਗੀ। ਇਸ ਦੌਰਾਨ ਉਨ੍ਹਾਂ ਨਿਗਮ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਸੰਬੋਧਨ ਕਰਨ ਵਾਲੇ ਆਗੂਆਂ ਵਿੱਚ ਬਲਦੀਪ ਸਿੰਘ ਤੁੰਬੀ, ਜਨਕ ਰਾਜ, ਸ਼ੋਰਨ ਧਲੋਰ, ਸੁਭਾਸ਼, ਰਮਨ, ਸੰਜੇ, ਪ੍ਰਸ਼ਾਂਤ, ਸ਼ਿਵਮ ਤੇ ਵਿੱਕੀ ਪਾਰਚਾ ਆਦਿ ਸ਼ਾਮਲ ਸਨ।