ਪਰਾਲੀ ਪ੍ਰਬੰਧਨ ਬਾਰੇ ਮੀਟਿੰਗ
ਐੱਸ ਡੀ ਐੱਮ ਸੁਰੇਂਦਰ ਸਿੰਘ ਨੇ ਮਿਨੀ ਸਕੱਤਰੇਤ ਵਿੱਚ ਪਰਾਲੀ ਪ੍ਰਬੰਧਨ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਗੰਭੀਰ ਸਮੱਸਿਆ ਹੈ ਅਤੇ ਇਸ ਨੂੰ ਹੱਲ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਸਾਰੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਦਾ ਦੌਰਾ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਰਤੀਆ ਸਬ-ਡਵੀਜ਼ਨ ਵਿੱਚ ਪਰਾਲੀ ਸਾੜਨ ਦੀਆਂ ਕੁੱਲ 15 ਘਟਨਾਵਾਂ ਵਾਪਰੀਆਂ ਹਨ ਅਤੇ ਜੁਰਮਾਨੇ ਸ਼ੁਰੂ ਕੀਤੇ ਗਏ ਹਨ। ਐੱਸ ਡੀ ਐੱਮ ਸੁਰੇਂਦਰ ਸਿੰਘ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਨ ਅਤੇ ਸਕੂਲੀ ਬੱਚਿਆਂ ਨਾਲ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਸਾਰੇ ਸਬੰਧਤ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਨਿਗਰਾਨੀ ਕਰਨੀ ਚਾਹੀਦੀ ਹੈ। ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਐੱਸ ਡੀ ਐੱਮ ਸੁਰੇਂਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਅਤੇ ਸਬੰਧਤ ਅਧਿਕਾਰੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਗੋਂ ਮਿੱਟੀ ਵਿੱਚ ਦਬਾਉਣ ਦੀ ਅਪੀਲ ਕਰ ਰਹੇ ਹਨ। ਕਿਸਾਨਾਂ ਨੂੰ ਖੇਤੀਬਾੜੀ ਉਪਕਰਨਾਂ ’ਤੇ ਸਬਸਿਡੀਆਂ ਰਾਹੀਂ ਵੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਕਿਸਾਨ ਦੀ ਆਮਦਨ ਵੀ ਵਧਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਪ੍ਰਬੰਧਨ ਕਰਕੇ ਪ੍ਰਸ਼ਾਸਨ ਦਾ ਸਹਿਯੋਗ ਕਰਨ। ਮੀਟਿੰਗ ਵਿੱਚ ਨਾਇਬ ਤਹਿਸੀਲਦਾਰ ਵਿਚਿੱਤਰ ਨੰਦ, ਬੀਡੀਪੀਓ ਹਨੀਸ਼ ਕੁਮਾਰ, ਏ ਐੱਸ ਸੀਓ ਰਾਜੇਸ਼ ਕੁਮਾਰ, ਵਿਕਾਸ ਕੁਮਾਰ ਲੰਗਯਾਨ ਤੇ ਆਦਿ ਹਾਜ਼ਰ ਸਨ।
