ਪ੍ਰਭੂ ਦਿਆਲ
ਸਿਰਸਾ, 5 ਅਗਸਤ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ’ਤੇ ਇਲਜ਼ਾਮ ਲਾਉਂਦਿਆਂ ਕਿਹਾ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇ ’ਤੇ ਰਹਿੰਦਿਆਂ ਉਨ੍ਹਾਂ ਨੇ ਹਰਿਆਣਾ ਦੇ ਸਿੱਖਾਂ ਤੇ ਹਰਿਆਣਾ ਦੇ ਗੁਰਦੁਆਰਿਆਂ ਦੀ ਸਾਂਭ ਸੰਭਾਲ ਲਈ ਬਣਦਾ ਕੰਮ ਨਹੀਂ ਕੀਤਾ।
ਜਥੇਦਾਰ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਉਨ੍ਹਾਂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਕਿਊਂਕਿ ਇਸ ਤੋਂ ਪਹਿਲਾਂ ਜਗਦੀਸ਼ ਝੀਂਡਾ ਨੇ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਬਾਅਦ ’ਚ ਸ੍ਰੀ ਝੀਂਡਾ ਨੇ ਕਿਸੇ ਦੀ ਕਥਿਤ ਸ਼ਹਿ ’ਤੇ ਉਨ੍ਹਾਂ ਦੀ ਪ੍ਰਧਾਨਗੀ ’ਤੇ ਸਵਾਲ ਖੜ੍ਹੇ ਕਰਨੇ ਸ਼ੁਰੂ ਕਰ ਦਿੱਤੇ। ਉਨ੍ਹਾਂ ਕਿਹਾ ਕਿ 13 ਅਗਸਤ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਹੋਣੀ ਹੈ, ਜਿਸ ’ਚ ਸਾਰੀ ਸਥਿਤੀ ਸਾਫ਼ ਹੋ ਜਾਵੇਗੀ। ਸ੍ਰੀ ਦਾਦੂਵਾਲ ਨੇ ਕਿਹਾ ਕਿ ਜੇ ਉਹ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਦੇ ਹਨ ਤਾਂ ਸੁਪਰੀਮ ਕੋਰਟ ’ਚ ਕਮੇਟੀ ਦੇ ਚੱਲਦੇ ਕੇਸ ਦੀ ਪੈਰਵੀ ਕਰ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਥਾਪਤ ਕਰਨ ਦੀ ਕੋਸ਼ਿਸ਼ ਕਰਨਗੇ।
ਊਧਰ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਆਗੂ ਦੀਦਾਰ ਸਿੰਘ ਨਲਵੀ ਨੇ ਬਲਜੀਤ ਸਿੰਘ ਦਾਦੂਵਾਲ ਦੀ ਹਮਾਇਤ ਕਰਦਿਆਂ ਕਿਹਾ ਕਿ ਜਗਦੀਸ਼ ਸਿੰਘ ਝੀਂਡਾ ਨੇ ਆਪਣੇ ਅਹੁਦੇ ’ਤੇ ਰਹਿੰਦਿਆਂ ਕੰਮ ਨਹੀਂ ਕੀਤਾ। ਇਸ ਸਬੰਧੀ ਜਦੋਂ ਜਗਦੀਸ਼ ਸਿੰਘ ਝੀਂਡਾ ਨੂੰ ਫੋਨ ਕੀਤਾ ਤਾਂ ਊਨ੍ਹਾਂ ਫੋਨ ਨਹੀਂ ਚੁੱਕਿਆ।