ਹਰਿਆਣਾ ’ਚ ਦੀਨਦਿਆਲ ਲਾਡੋ ਲਕਸ਼ਮੀ ਯੋਜਨਾ ਸ਼ੁਰੂ
ਪੀ.ਪੀ. ਵਰਮਾ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਸੂਬੇ ਭਰ ਵਿੱਚ ਦੀਨਦਿਆਲ ਲਾਡੋ ਲਕਸ਼ਮੀ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਹੈ, ਜਿਸ ਤਹਿਤ ਔਰਤਾਂ ਨੂੰ ਪ੍ਰਤੀ ਮਹੀਨਾ 2,100 ਰੁਪਏ ਮਿਲਣਗੇ। ਜਾਣਕਾਰੀ ਅਨੁਸਾਰ ਇਸ ਯੋਜਨਾ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ‘ਦੀਨਦਿਆਲ ਲਾਡੋ ਲਕਸ਼ਮੀ ਐਪ’ ਵੀ ਲਾਂਚ ਕੀਤਾ ਗਿਆ।
ਇਸ ਤੋਂ ਇਲਾਵਾ ਲਾਭਪਾਤਰੀਆਂ ਲਈ ਟੌਲ-ਫਰੀ ਨੰਬਰ 18001802231 ਜਾਂ ਹੈਲਪਲਾਈਨ ਨੰਬਰ 01724880500 ਵੀ ਜਾਰੀ ਕੀਤਾ ਗਿਆ ਹੈ। ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਡਤ ਦੀਨਦਿਆਲ ਉਪਾਧਿਆਏ 20ਵੀਂ ਸਦੀ ਦੇ ਮਹਾਨ ਚਿੰਤਕਾਂ ਵਿੱਚੋਂ ਇੱਕ ਹਨ ਜਿਨ੍ਹਾਂ ਨੇ ਰਾਸ਼ਟਰਵਾਦੀ ਭਾਵਨਾਵਾਂ ਨੂੰ ਜਗਾਇਆ। ਪੰਡਤ ਦੀਨਦਿਆਲ ਉਪਾਧਿਆਏ ਦਾ ਮੰਨਣਾ ਸੀ ਕਿ ਰਾਸ਼ਟਰ ਦਾ ਵਿਕਾਸ ਹੀ ਹਰ ਵਿਅਕਤੀ ਦੇ ਵਿਕਾਸ ਨੂੰ ਯਕੀਨੀ ਬਣਾਉਣ ਦਾ ਇੱਕੋ-ਇੱਕ ਤਰੀਕਾ ਹੈ। ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਮੈਨੀਫੈਸਟੋ ਵਿੱਚ ਔਰਤਾਂ ਨੂੰ ਹਰ ਮਹੀਨੇ 2,100 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਅੱਜ ਦੀਨਦਿਆਲ ਲਾਡੋ ਲਕਸ਼ਮੀ ਯੋਜਨਾ ਸ਼ੁਰੂ ਕਰ ਕੇ ਉਨ੍ਹਾਂ ਆਪਣੇ ਮੈਨੀਫੈਸਟੋ ਵਿੱਚ ਕੀਤੇ 217 ਵਾਅਦਿਆਂ ’ਚੋਂ 42ਵੇਂ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ 23 ਤੋਂ 60 ਸਾਲ ਦੀਆਂ ਵਿਆਹੀਆਂ ਅਤੇ ਅਣ-ਵਿਆਹੀਆਂ ਉਨ੍ਹਾਂ ਔਰਤਾਂ ਨੂੰ ਮਿਲੇਗਾ ਜਿਨ੍ਹਾਂ ਦੇ ਪਰਿਵਾਰ ਦੀ ਸਾਲਾਨਾ ਆਮਦਨ ਇਕ ਲੱਖ ਰੁਪਏ ਤੱਕ ਹੈ। ਉਨ੍ਹਾਂ ਦੱਸਿਆ ਕਿ ਨਵੰਬਰ ਤੋਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 2,100 ਰੁਪਏ ਵਿੱਤੀ ਸਹਾਇਤਾ ਜਮ੍ਹਾਂ ਹੋਣੀ ਸ਼ੁਰੂ ਹੋ ਜਾਵੇਗੀ।