ਗੁਰਸਿਮਰਨ ਮੰਡ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਦਿੱਲੀ-ਅੰਬਾਲਾ ਕੌਮੀ ਮਾਰਗ ਜਾਮ
ਸਿੱਖ ਜਥੇਬੰਦੀਆਂ ਨੇ ਪੁਲੀਸ ਪ੍ਰਸ਼ਾਸਨ 'ਤੇ ਪੱਖਪਾਤ ਦਾ ਦੋਸ਼ ਲਾਉਂਦਿਆਂ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ
ਗੁਰਸਿਮਰਨ ਸਿੰਘ ਮੰਡ ਖ਼ਿਲਾਫ਼ ਕੇਸ ਦਰਜ ਕਰਨ ਅਤੇ ਉਸ ’ਤੇ ਹਮਲੇ ਦੇ ਦੋਸ਼ ਹੇਠ ਕਾਰਵਾਈ ਦਾ ਸਾਹਮਣਾ ਕਰ ਰਹੇ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਅੱਜ ਵੀਰਵਾਰ ਨੂੰ ਅੰਬਾਲਾ ਵਿੱਚ ਸਿੱਖ ਸੰਗਤ ਵੱਲੋਂ ਦਿੱਲੀ-ਅੰਬਾਲਾ ਕੌਮੀ ਮਾਰਗ ਜਾਮ ਕਰ ਦਿੱਤਾ ਗਿਆ। ਇਸ ਦੌਰਾਨ ਸਥਿਤੀ ਤਣਾਅਪੂਰਨ ਹੋਣ ’ਤੇ ਭੀੜ ਨੂੰ ਖਿੰਡਾਉਣ ਲਈ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ।
ਸਿੱਖ ਸੰਗਤ ਨੇ ਪਹਿਲਾਂ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿੱਚ ਮੀਟਿੰਗ ਕੀਤੀ। ਇਸ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ਮਗਰੋਂ ਵੱਡੀ ਗਿਣਤੀ ਵਿੱਚ ਲੋਕ ਅੰਬਾਲਾ-ਨਾਰਾਇਣਗੜ੍ਹ ਰੋਡ ’ਤੇ ਪਹੁੰਚ ਗਏ। ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਵੱਲੋਂ ਰਸਤਾ ਜਾਮ ਕਰ ਦਿੱਤਾ ਗਿਆ। ਬਾਅਦ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਦਿੱਲੀ-ਅੰਬਾਲਾ ਕੌਮੀ ਮਾਰਗ ’ਤੇ ਜੱਗੀ ਸਿਟੀ ਸੈਂਟਰ ਸਾਹਮਣੇ ਧਰਨਾ ਲਾ ਕੇ ਬੈਠ ਗਈ।
ਸੰਗਤ ਦਾ ਦੋਸ਼ ਹੈ ਕਿ ਮੰਡ ਦੀ ਸ਼ਿਕਾਇਤ ’ਤੇ ਪੁਲੀਸ ਨੇ ਤੁਰੰਤ ਕਾਰਵਾਈ ਕੀਤੀ, ਜਦਕਿ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਉਮੀਦ ਮੁਤਾਬਕ ਕਾਰਵਾਈ ਨਹੀਂ ਹੋਈ। ਉਨ੍ਹਾਂ ਨੇ ਮੰਡ ਖ਼ਿਲਾਫ਼ ਕੇਸ ਦਰਜ ਕਰਨ, ਨੌਜਵਾਨਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਰੱਦ ਕਰਨ ਅਤੇ ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਰੱਖੀ।
ਤਣਾਅ ਵਧਣ ਦੀ ਸੂਚਨਾ ਮਿਲਣ ’ਤੇ ਆਈ ਜੀ ਅੰਬਾਲਾ ਪੰਕਜ ਨੈਨ ਅਤੇ ਐੱਸ ਪੀ ਅਜੀਤ ਸਿੰਘ ਸ਼ੇਖਾਵਤ ਭਾਰੀ ਪੁਲੀਸ ਬਲ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਪੁਲੀਸ ਵੱਲੋਂ ਭਰੋਸਾ ਦਿੱਤਾ ਗਿਆ ਕਿ ਸੰਗਤ ਦੀਆਂ ਮੰਗਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਜਿਹੜੇ ਵਿਅਕਤੀ ਪਹਿਲਾਂ ਹੀ ਨਿਆਂਇਕ ਹਿਰਾਸਤ ਵਿੱਚ ਹਨ, ਉਨ੍ਹਾਂ ਸਬੰਧੀ ਕਾਰਵਾਈ ਅਦਾਲਤੀ ਪ੍ਰਕਿਰਿਆ ਰਾਹੀਂ ਹੀ ਹੋ ਸਕਦੀ ਹੈ। ਦੇਰ ਸ਼ਾਮ ਤੱਕ ਹਾਈਵੇਅ ’ਤੇ ਆਵਾਜਾਈ ਪ੍ਰਭਾਵਿਤ ਰਹੀ ਅਤੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਖ਼ਬਰ ਲਿਖੇ ਜਾਣ ਤੱਕ ਮੁੱਖ ਮਾਰਗ ਦਾ ਟਰੈਫਿਕ ਜਾਮ ਹੈ।
ਜ਼ਿਕਰਯੋਗ ਹੈ ਕਿ 7 ਅਗਸਤ ਨੂੰ ਗੁਰਸਿਮਰਨ ਸਿੰਘ ਮੰਡ ਸੁਰੱਖਿਆ ਕਰਮਚਾਰੀਆਂ ਸਮੇਤ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਪਹੁੰਚਿਆ ਸੀ। ਇਸ ਦੌਰਾਨ ਹੋਏ ਵਿਵਾਦ ਮਗਰੋਂ ਭੀੜ ਅਤੇ ਨਿਹੰਗਾਂ ਵੱਲੋਂ ਮੰਡ ਦੀ ਕੁੱਟਮਾਰ ਕਰਨ ਅਤੇ ਉਸ ਦੀ ਇਨੋਵਾ ਗੱਡੀ ਦੀ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਕੁਝ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

