ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਜਥੇਦਾਰ ਅਕਾਲ ਤਖ਼ਤ ਨੂੰ ਪਰਮਜੀਤ ਸਿੰਘ ਸਰਨਾ ਦੀ ਸ਼ਿਕਾਇਤ
ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਜੂਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਦੇ ਮੈਂਬਰ ਬੀਬੀ ਰਣਜੀਤ ਕੌਰ, ਮੀਡੀਆ ਸੈੱਲ ਦੇ ਚੇਅਰਮੈਨ ਸੁਖਵਿੰਦਰ ਸਿੰਘ ਬੱਬਰ ਅਤੇ ਹੋਰ ਮੈਂਬਰਾਂ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਦਲ ਬਾਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ 22 ਜੂਨ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਚ ਮੀਡੀਆ ਸਾਹਮਣੇ ਖੁਦ ਪ੍ਰਵਾਨ ਕੀਤਾ ਹੈ ਕਿ 2022 ਵਿਚ ਕਮੇਟੀ ਚੋਣਾਂ ਵੇਲੇ ਉਨ੍ਹਾਂ ਨੇ ਮੈਂਬਰਾਂ ਨੂੰ 25 ਤੋਂ 30 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਇਸ ਦੇ ਇਵਜ਼ ਵਿੱਚ ਉਨ੍ਹਾਂ ਵੋਟਾਂ ਸਾਨੂੰ ਪਾਉਣੀਆਂ ਸਨ। ਉਨ੍ਹਾਂ ਕਿਹਾ ਕਿ ਇਹ ਇਕਬਾਲੀਆ ਬਿਆਨ ਬਹੁਤ ਹੀ ਗੰਭੀਰ ਹੈ ਅਤੇ ਵੋਟਾਂ ਦੀ ਖਰੀਦੋ ਫਰੋਖ਼ਤ ਕਰਨਾ ਇਖਲਾਕੀ ਅਤੇ ਕਾਨੂੰਨੀ ਦੋਵਾਂ ਤਰੀਕੇ ਨਾਲ ਜੁਰਮ ਹੈ। ਉਨ੍ਹਾਂ ਕਿਹਾ ਕਿ ਇਸ ਜੁਰਮ ਨੂੰ ਜਨਤਕ ਤੌਰ ’ਤੇ ਕਬੂਲਣ ਲਈ ਪਰਮਜੀਤ ਸਿੰਘ ਸਰਨਾ ਨੂੰ ਤੁਰੰਤ ਪੰਥ ਵਿਚੋਂ ਛੇਕਿਆ ਜਾਣਾ ਚਾਹੀਦਾ ਹੈ ਅਤੇ ਇਕ ਜਾਂਚ ਕਮੇਟੀ ਬਣਾ ਕੇ ਉਨ੍ਹਾਂ ਦੇ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਨਾ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਚ ਅਰਦਾਸ ਕਰਨ ਵੇਲੇ ਮਰਿਆਦਾ ਦੀ ਵੀ ਉਲੰਘਣਾ ਕੀਤੀ ਹੈ, ਉਸ ਦਾ ਵੀ ਨੋਟਿਸ ਲਿਆ ਜਾਣਾ ਚਾਹੀਦਾ ਹੈ ਤੇ ਇਸ ਮਾਮਲੇ ਵਿਚ ਵੀ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।