ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਅਗਸਤ
ਆਮ ਆਦਮੀ ਪਾਰਟੀ (ਆਪ) ਹਰਿਆਣਾ ਦੇ ਯੂਥ ਵਿੰਗ ਨੇ ਸੂਬੇ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ ਅਤੇ ਚਿਰਾਗ ਯੋਜਨਾ ਵਿਰੁੱਧ ਚੰਡੀਗੜ੍ਹ ਦੇ ਮਟਕਾ ਚੌਕ ਵਿੱਚ ਰੋਸ ਪ੍ਰਦਰਸ਼ਨ ਕੀਤਾ। ‘ਆਪ’ ਆਗੂ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਹਰਿਆਣਾ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਅੱਗੇ ਵਧੇ ਤਾਂ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋਵਾਂ ਧਿਰਾਂ ਵਿਚਕਾਰ ਖਿੱਚ-ਧੂਹ ਹੋਈ ਤੇ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।
‘ਆਪ’ ਹਰਿਆਣਾ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਅਰੁਣ ਹੁੱਡਾ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਅਸਫ਼ਲ ਸਾਬਤ ਹੋ ਰਹੀ ਹੈ। ਸੂਬੇ ਦੇ ਨੌਜਵਾਨ ਬੇਰੁਜ਼ਗਾਰ ਹੁੰਦੇ ਜਾ ਰਹੇ ਹਨ ਜਿਸ ਕਰ ਕੇ ਉਹ ਨਸ਼ੇ ਅਤੇ ਅਪਰਾਧ ਦੀ ਦਲਦਲ ਵਿੱਚ ਧਸਦੇ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਵਧ ਰਹੀਆਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਕਰ ਕੇ ਅੱਜ ਹਰ ਵਸਤੂ ਮਹਿੰਗੀ ਹੁੰਦੀ ਜਾ ਰਹੀ ਹੈ। ਮਹਿੰਗਾਈ ਵਧਣ ਕਰ ਕੇ ਆਮ ਵਿਅਕਤੀ ਨੂੰ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਰਿਹਾ ਹੈ। ਸ੍ਰੀ ਹੁੱਡਾ ਨੇ ਕਿਹਾ ਕਿ ਜਦੋਂ ਹਰਿਆਣਾ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ ਜਾਂਦਾ ਹੈ ਤਾਂ ਪੁਲੀਸ ਦੀ ਮਦਦ ਨਾਲ ਪ੍ਰਦਰਸ਼ਨਕਾਰੀਆਂ ਦੀ ਆਵਾਜ਼ ਨੂੰ ਦਬਾਇਆ ਜਾਂਦਾ ਹੈ।
ਮੀਤ ਪ੍ਰਧਾਨ ਜੋਤੀ ਅਤੇ ਸਕੱਤਰ ਮੋਨਾ ਨੇ ਕਿਹਾ ਕਿ ਅੱਜ ਹਰਿਆਣਾ ਦੇ ਨੌਜਵਾਨ ਦੇਸ਼ ਦੇ ਹੋਰਨਾਂ ਸੂਬਿਆਂ ਦੇ ਨੌਜਵਾਨਾਂ ਨਾਲੋਂ ਹਰ ਵਰਗ ਵਿੱਚ ਅੱਗੇ ਹਨ। ਇਸ ਦੇ ਬਾਵਜੂਦ ਨੌਜਵਾਨਾਂ ਨੂੰ ਬੇਰੁਜ਼ਗਾਰੀ ਕਰ ਕੇ ਨਿਰਾਸ਼ਾ ਦਾ ਸਾਹਮਣਾ ਕਰਨਾ ਪੈਂਦਾ ਹੈ। ਵਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਨੇ ਨੌਜਵਾਨਾਂ ਦੇ ਜਿਉਣਾ ਮੁਹਾਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਧ ਰਹੀ ਬੇਰੁਜ਼ਗਾਰੀ ਅਤੇ ਮਹਿੰਗਾਈ ਨੂੰ ‘ਆਪ’ ਕਦੇ ਬਰਦਾਸ਼ਤ ਨਹੀਂ ਕਰੇਗਾ। ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਭਵਿੱਖ ਵਿੱਚ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਇਸ ਮੌਕੇ ‘ਆਪ’ ਹਰਿਆਣਾ ਦੇ ਵੱਡੀ ਗਿਣਤੀ ਆਗੂ ਹਾਜ਼ਰ ਰਹੇ।