ਨਿੱਜੀ ਪੱਤਰ ਪ੍ਰੇਰਕ
ਸਿਰਸਾ, 26 ਅਗਸਤ
ਹਰਿਆਣਾ ਸਰਕਾਰ ਵੱਲੋਂ ਸੂਬੇ ਦੇ 105 ਸਰਕਾਰੀ ਸਕੂਲਾਂ ਨੂੰ ਬੰਦ ਕੀਤੇ ਜਾਣ ਦੇ ਵਿਰੋਧ ਵਿੱਚ ਬਹੁਜਨ ਸਮਾਜ ਪਾਰਟੀ ਨੇ ਮਿਨੀ ਸਕੱਤਰੇਤ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਰਾਜਪਾਲ ਦੇ ਨਾਂ ਦਿੱਤੇ ਮੰਗ ਪੱਤਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਹਰਿਆਣਾ ਸਰਕਾਰ ਦੀ ਚਿਰਾਗ ਯੋਜਨਾ ਨੂੰ ਬੰਦ ਕਰਨ ਤੇ ਬੰਦ ਕੀਤੇ ਗਏ ਸਕੂਲਾਂ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਭੂਸ਼ਨ ਲਾਲ ਬੋਰਡ ਨੇ ਕਿਹਾ ਕਿ ਸਰਕਾਰ ਨਵੀਂ ਸਿੱਖਿਆ ਨੀਤੀ ਦੇ ਬਹਾਨੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਤੋਂ ਦੂਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਤਾਂ ਪ੍ਰਾਈਵੇਟ ਸਕੂਲ ਵਿੱਚ ਦਾਖ਼ਲਾ ਲੈਣ ’ਤੇ ਸਰਕਾਰ ਫੀਸ ਭਰੇਗੀ ਤੇ ਦੂਜੇ ਪਾਸੇ ਸਰਕਾਰੀ ਸਕੂਲ ਵਿੱਚ ਪੜ੍ਹਨ ਵਾਲੇ ਬੱਚੇ ਤੋਂ ਸਰਕਾਰ ਫੀਸ ਵਸੂਲੇਗੀ। ਉਨ੍ਹਾਂ ਨੇ ਕਿਹਾ ਕਿ ਚਿਰਾਗ ਯੋਜਨਾ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਹੋਰ ਮੰਗਾਂ ਦਾ ਵੀ ਜ਼ਿਕਰ ਕੀਤਾ ਗਿਆ। ਇਸ ਮੌਕੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਭੂਸ਼ਣ ਲਾਲ ਬਰੋੜ, ਦਰਸ਼ਨ ਲਾਲ, ਰਾਮ ਸਿੰਘ, ਰੋਹਿਤ, ਸੋਨੂੰ, ਸੁਰਜੀਤ ਨੀਮਲਾ ਆਦਿ ਸਮੇਤ ਕਈ ਆਗੂ ਤੇ ਕਾਰਕੁਨ ਮੌਜੂਦ ਸਨ।