ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਜੁਲਾਈ
ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਨੂੰ ਸੰਮਨ ਭੇਜ ਕੇ ਤਲਬ ਕੀਤੇ ਜਾਣ ਦੇ ਵਿਰੋਧ ਵਿੱਚ ਹਰਿਆਣਾ ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਅਤੇ ਸੂਬਾ ਪ੍ਰਧਾਨ ਚੌਧਰੀ ਉਦੈਭਾਨ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੇ ਚੰਡੀਗੜ੍ਹ ਦੇ ਸੈਕਟਰ 9 ਸਥਿਤ ਕਾਂਗਰਸ ਭਵਨ ਤੋਂ ਇਕੱਠੇ ਹੋ ਕੇ ਸੈਕਟਰ-18 ਈਡੀ ਦਫ਼ਤਰ ਵੱਲ ਰੋਸ ਮਾਰਚ ਕੀਤਾ ਪਰ ਪੁਲੀਸ ਨੇ ਕੁਝ ਦੂਰੀ ’ਤੇ ਹੀ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਦਿੱਤਾ।ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਭਾਜਪਾ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਰਾਜਨੀਤਕ ਹਥਿਆਰ ਵਜੋਂ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਆਪਣੇ ਖ਼ਿਲਾਫ਼ ਉੱਠਣ ਵਾਲੀ ਹਰ ਆਵਾਜ਼ ਨੂੰ ਦਬਾ ਰਹੀ ਹੈ। ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਨੂੰ ਸਰਕਾਰ ਦੇ ਦਬਾਅ ’ਚ ਆਉਣ ਦੀ ਥਾਂ ਨਿਰਪੱਖ ਢੰਗ ਨਾਲ ਕੰਮ ਕਰਨਾ ਚਾਹੀਦਾ ਹੈ।