ਸਰਬਜੋਤ ਸਿੰਘ ਦੁੱਗਲ
ਕੁਰੂਕਸ਼ੇਤਰ, 12 ਸਤੰਬਰ
ਸਜ਼ਾ ਪੂਰੀ ਹੋਣ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿੱਚ ਕਾਲੇ ਕੱਪੜੇ ਪਾ ਕੇ ਅਤੇ ਹੱਥਾਂ ਵਿੱਚ ਕਾਲੇ ਝੰਡੇ ਲੈ ਕੇ ਸੰਗਤ ਨੇ ਅੱਜ ਇੱਥੇ ਰੋਸ ਮਾਰਚ ਕੱਢਿਆ ਅਤੇ ਮਿੰਨੀ ਸਕੱਤਰੇਤ ਵਿੱਚ ਮੁਜ਼ਾਹਰਾ ਕੀਤਾ। ਇਸ ਮੌਕੇ ਐੱੱਸਜੀਪੀਸੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਪ੍ਰਦਰਸ਼ਨਕਾਰੀ ਸਿੱਖਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਕਾਲੇ ਕੱਪੜੇ ਪਾ ਕੇ ਮਿਨੀ ਸਕੱਤਰੇਤ ਅੱਗੇ ਧਰਨਾ ਦੇਣ ਦਾ ਸੱਦਾ ਦਿੱਤਾ ਸੀ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਹੁਕਮਨਾਮਾ ਜਾਰੀ ਹੋਣ ਤੋਂ ਬਾਅਦ 12 ਅਗਸਤ ਨੂੰ ਵੀ ਬੰਦੀ ਸਿੱਖਾਂ ਦੀ ਰਿਹਾਈ ਲਈ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪੇ ਗਏ ਸਨ।
ਐਸਜੀਪੀਸੀ ਦੇ ਸੱਦੇ ’ਤੇ ਸਿੱਖ ਸੰਗਤ ਸੋਮਵਾਰ ਨੂੰ ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿੱਚ ਇਕੱਠੀ ਹੋਈ। ਇੱਥੋਂ ਸਿੱਖ ਸੰਗਤ ਕਾਲੇ ਕੱਪੜੇ ਪਾ ਕੇ ਅਤੇ ਕਾਲੀਆਂ ਦਸਤਾਰਾਂ ਸਜਾ ਕੇ ਮੋਟਰਸਾਈਕਲਾਂ ਦੇ ਕਾਫਲੇ ਵਿੱਚ ਮਿਨੀ ਸਕੱਤਰੇਤ ਪੁੱਜੀ। ਇੱਥੇ ਸਜ਼ਾ ਭੁਗਤ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਕਿਹਾ ਕਿ ਦੱਸਿਆ ਕਿ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਵਿੱਚ ਭਾਈ ਗੁਰਦੀਪ ਸਿੰਘ ਖਹਿਰਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਪਰਮਜੀਤ ਸਿੰਘ ਭਓਰਾ, ਭਾਈ ਜਗਤਾਰ ਸਿੰਘ ਤਾਰਾ ਅਤੇ ਹੋਰ ਬਹੁਤ ਸਾਰੇ ਸਿੱਖ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਪੁਰਜ਼ੋਰ ਮੰਗ ਕਰਦੀ ਹੈ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਤਾਂ ਜੋ ਸਿੱਖਾਂ ਵਿੱਚ ਵਿਤਕਰੇ ਦੀ ਭਾਵਨਾ ਪੈਦਾ ਨਾ ਹੋਵੇ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਭਜਨ ਸਿੰਘ ਮਸਾਣਾ ਨੇ ਕਿਹਾ ਕਿ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਵੀ ਆਜ਼ਾਦ ਦੇਸ਼ ਵਿੱਚ ਸਿੱਖ ਕੌਮ ਨਾਲ ਹਮੇਸ਼ਾ ਹੀ ਵਿਤਕਰਾ ਹੁੰਦਾ ਰਿਹਾ ਹੈ ਅਤੇ ਸਿੱਖਾਂ ਨੂੰ ਉਨ੍ਹਾਂ ਦੇ ਸੰਵਿਧਾਨਕ ਹੱਕਾਂ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਇਸ ਮੌਕੇ ਜਥੇਦਾਰ ਬਲਦੇਵ ਸਿੰਘ ਕੈਮਪੁਰ ਤੇ ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਮੰਗਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ।